ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ
ਨਵੀਂ ਪੰਜ-ਮੰਜ਼ਿਲਾ ਇਮਾਰਤ ਨੂੰ ਵਿਦਿਆਰਥਣਾਂ ਲਈ ਆਧੁਨਿਕ ਸਿੱਖਿਆ ਸਹੂਲਤਾਂ ਦਾ ਕੇਂਦਰ ਦੱਸਿਆ

ਮਾਲੇਰਕੋਟਲਾ, 21 ਅਗਸਤ ( ਸੂਤਰ )

ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਕੂਲ ਵਿੱਚ ਵਿਦਿਆਰਥਣਾਂ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਆਧੁਨਿਕ ਵਿਦਿਅਕ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਵਿਦਿਆਰਥਣਾਂ ਦੀ ਪੜ੍ਹਾਈ, ਬੁਨਿਆਦੀ ਸਹੂਲਤਾਂ ਅਤੇ ਸਕੂਲ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।


ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਾ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ,ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਲੜਕੀਆਂ ਲਈ ਬਣਾਈ ਗਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਇਮਾਰਤ 6.34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਹੈ ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਵਿਦਿਆਰਥਣਾਂ ਨੂੰ ਬਿਹਤਰ ਵਿੱਦਿਅਕ ਮਾਹੌਲ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗੀ।

ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਵਿਦਿਆਰਥਣਾਂ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਲਈ ਆਵਾਜਾਈ ਦੀਆਂ ਸਹੂਲਤਾਂ ਵੀ ਮਹੱਤਵਪੂਰਨ ਹਨ।ਉਨ੍ਹਾਂ ਕਿਹਾ ਕਿ ਸੂਬੇ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਐਨ.ਈ.ਈ.ਟੀ( NEET) ਅਤੇ ਜੇ.ਈ.ਈ.(JEE) ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਹਾਸਲ ਕੀਤੀਆਂ ਸਫ਼ਲਤਾਵਾਂ ਇਹ ਦਰਸਾਉਂਦੀਆਂ ਹਨ ਕਿ ਉਚਿਤ ਸਹੂਲਤਾਂ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਉੱਚ ਪੱਧਰੀ ਸਿੱਖਿਆ ਅਤੇ ਪ੍ਰਤੀਯੋਗੀ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।

ਵਿਧਾਇਕ ਨੇ ਸਕੂਲ ਸਟਾਫ਼ ਨੂੰ ਵਿਦਿਆਰਥਣਾਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ, ਹੁਨਰ ਨਿਰਮਾਣ ਅਤੇ ਕਰੀਅਰ ਮਾਰਗਦਰਸ਼ਨ ’ਤੇ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿੱਖਿਆ, ਹੁਨਰ ਅਤੇ ਮੌਕਿਆਂ ਨਾਲ ਲੈਸ ਨੌਜਵਾਨ ਹੀ ਭਵਿੱਖ ਦੇ ਮਜ਼ਬੂਤ ਪੰਜਾਬ ਦੀ ਨੀਂਹ ਬਣ ਸਕਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਵਾਤੀਸ਼ ਵੱਲੋਂ ਵਿਧਾਇਕ ਨੂੰ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਲੋੜੀਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਇਕਨੋਮਿਕਸ ਲੈਕਚਰਾਰ ਭੁਪਿੰਦਰ ਸਿੰਘ , ਬਲਾਕ ਨੋਡਲ ਅਫਸਰ ਮੁਹੰਮਦ ਇਮਰਾਨ , ਲਾਇਬ੍ਰੇਰੀ ਅਟੈਂਡੈਂਟ ਪੁਸ਼ਪਿੰਦਰ ਸਿੰਘ , ਕੰਪਿਊਟਰ ਫੈਕਲਟੀ ਦਵਿੰਦਰ ਸਿੰਘ ਅਤੇ ਕੁਨਾਲ ਕਪੂਰ ਹਾਜ਼ਰ ਰਹੇ ।




