ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ

ਜਲੰਧਰ 26 ਅਗਸਤ ( ਸੂਤਰ )

ਸ਼ਹਿਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਾਮਾਇਣ ’ਤੇ ਅਧਾਰਿਤ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ।

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਅਤੇ ਪੰਜਾਬ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੀ.ਟੀ.ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ 28 ਤੇ 29 ਅਗਸਤ ਨੂੰ ਹਰ ਰੋਜ਼ 2-2 ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਇਨ੍ਹਾਂ ਪੇਸ਼ਕਾਰੀਆਂ ਦਾ ਅਨੁਭਵ ਹਾਸਿਲ ਕਰਨ।

ਸ਼੍ਰੀ ਭਗਤ ਅਤੇ ਸ਼੍ਰੀ ਬਾਲੀ ਨੇ ਕਿਹਾ ਕਿ ਇਹ ਪੇਸ਼ਕਾਰੀਆਂ ਲੋਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਗਵਾਨ ਸ਼੍ਰੀ ਰਾਮ ਜੀ ਦੀ ਅਧਿਆਤਮਕਤਾ ਨਾਲ ਜੋੜਕੇ ਉਨ੍ਹਾਂ ਦੀ ਸ਼ਖਸੀਅਤ, ਸਾਦਾ ਜੀਵਨ ਅਤੇ ਧਾਰਮਿਕਤਾ ਦੇ ਸੰਦੇਸ਼ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਨਗੀਆਂ।



