Uncategorized

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਅਤੇ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਡੀ.ਆਈ.ਜੀ. ਲੁਧਿਆਣਾ ਰੇਂਜ ਅਤੇ ਐਸ.ਐਸ.ਪੀ. ਖੰਨਾ ਨੇ ਲਿਆ ਜਾਇਜ਼ਾ

ਸਮਰਾਲਾ 29 ਅਗਸਤ ( ਸੂਤਰ )


ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਲੁਧਿਆਣਾ ਰੇਂਜ ਸ੍ਰੀ ਸੰਦੀਪ ਗੋਇਲ, ਆਈ.ਪੀ.ਐਸ. ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ, ਆਈ.ਪੀ.ਐਸ. ਵੱਲੋਂ ਸਮਰਾਲਾ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਐਮ.ਓ. ਸਮਰਾਲਾ, ਮੈਡੀਕਲ ਅਫ਼ਸਰ ਨਸ਼ਾ ਛੁਡਾਊ ਕੇਂਦਰ ਅਤੇ ਹੋਰ ਸਬੰਧਤ ਸਟਾਫ਼ ਵੀ ਹਾਜ਼ਰ ਸੀ।


ਦੌਰੇ ਦੌਰਾਨ ਡੀ.ਆਈ.ਜੀ ਲੁਧਿਆਣਾ ਰੇਂਜ ਸ੍ਰੀ ਸੰਦੀਪ ਗੋਇਲ ਅਤੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਬੁਨਿਆਦੀ ਢਾਂਚੇ, ਰਹਿਣ-ਸਹਿਣ, ਇਲਾਜ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮਰੀਜ਼ਾਂ ਨੂੰ ਇਲਾਜ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਸਬੰਧੀ ਵੀ ਅਧਿਕਾਰੀਆਂ ਵੱਲੋਂ ਸਟਾਫ਼ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਸ਼ਾ ਛੁਡਾਊ ਕੇਂਦਰ ਦੀਆਂ ਸਹੂਲਤਾਂ ਵਿੱਚ ਹੋਰ ਸੁਧਾਰ ਅਤੇ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਸਤਾਵਿਤ ਕਾਰਜ ਯੋਜਨਾ ’ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ ਡੀ.ਆਈ.ਜੀ. ਲੁਧਿਆਣਾ ਰੇਂਜ ਸ੍ਰੀ ਸੰਦੀਪ ਗੋਇਲ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਤਜਰਬੇ ਜਾਣੇ। ਉਨ੍ਹਾਂ ਨੇ ਮਰੀਜ਼ਾਂ ਨੂੰ ਹੌਸਲਾ ਦਿੰਦਿਆਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਤਿਆਗ ਕੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣਾ ਇੱਕ ਨਵੀਂ ਅਤੇ ਸਿਹਤਮੰਦ ਜ਼ਿੰਦਗੀ ਵੱਲ ਪਹਿਲਾ ਕਦਮ ਹੈ ਅਤੇ ਹਰ ਵਿਅਕਤੀ ਆਪਣੇ ਪਰਿਵਾਰ ਅਤੇ ਸਮਾਜ ਲਈ ਸਕਾਰਾਤਮਕ ਭੂਮਿਕਾ ਨਿਭਾ ਸਕਦਾ ਹੈ।

ਡੀ.ਆਈ.ਜੀ. ਲੁਧਿਆਣਾ ਰੇਂਜ ਸ੍ਰੀ ਸੰਦੀਪ ਗੋਇਲ ਅਤੇ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਤੋਂ 27 ਅਗਸਤ 2026 ਤੱਕ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ 328 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਸਤ ਮਹੀਨੇ ਵਿੱਚ ਖੰਨਾ ਪੁਲਿਸ ਨੇ ਪੰਜਾਬ ਵਿੱਚ ਸਭ ਤੋਂ ਵੱਧ ਐਨ.ਡੀ.ਪੀ.ਐਸ. ਮੁਲਜ਼ਮ ਕਾਬੂ ਕੀਤੇ ਹਨ। ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਰੱਖੜੀ ਦੇ ਪਵਿੱਤਰ ਮੌਕੇ ’ਤੇ ਡੀ.ਆਈ.ਜੀ ਲੁਧਿਆਣਾ ਰੇਂਜ ਸ੍ਰੀ ਸੰਦੀਪ ਗੋਇਲ ਵੱਲੋਂ ਮਰੀਜ਼ਾਂ ਨੂੰ ਮਠਿਆਈਆਂ ਅਤੇ ਫਲ ਵੀ ਵੰਡੇ ਗਏ। ਉਨ੍ਹਾਂ ਨੇ ਮਰੀਜ਼ਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਾਂ ਨਾਲ ਮੁੜ ਖੁਸ਼ਹਾਲ ਜੀਵਨ ਬਤੀਤ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected !!