ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਅਮਰਗੜ੍ਹ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ
ਅਹਿਮਦਗੜ੍ਹ ਬਲਾਕ ਦੀਆਂ ਖੇਡਾਂ 14 ਅਤੇ 15 ਸਤੰਬਰ ਨੂੰ ਬਾਲੇਵਾਲ ਵਿਖੇ ਕਰਵਾਈਆਂ ਜਾਣਗੀਆਂ

ਅਮਰਗੜ੍ਹ 11 ਸਤੰਬਰ ( ਸੂਤਰ )

ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।
ਬਲਾਕ ਅਮਰਗੜ੍ਹ ਦੀਆਂ ਖੇਡਾਂ ਦਾ ਰਸਮੀ ਉਦਘਾਟਨ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਗੁਬਾਰੇ ਛੱਡ ਕੇ ਕੀਤਾ ਗਿਆ।


ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਭਾਗ ਲੈਣ।

ਉਨ੍ਹਾਂ ਦੱਸਿਆ ਕਿ ਬਲਾਕ ਅਹਿਮਦਗੜ੍ਹ ਦੀਆਂ ਬਲਾਕ ਪੱਧਰੀ ਖੇਡਾਂ 14 ਅਤੇ 15 ਸਤੰਬਰ ਨੂੰ ਟਾਊਨ ਸਕੂਲ, ਬਾਲੇਵਾਲ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ।

ਬਲਾਕ ਅਮਰਗੜ੍ਹ ਵਿਖੇ ਕਰਵਾਏ ਗਏ ਖੇਡ ਮੁਕਾਬਲਿਆਂ ਦੌਰਾਨ ਐਥਲੈਟਿਕਸ ਦੇ ਸ਼ਾਟਪੁੱਟ (ਲੜਕੀਆਂ) ਵਿੱਚ ਹਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 100 ਮੀਟਰ ਦੌੜ (ਲੜਕੀਆਂ) ਵਿੱਚ ਜੈਸਮੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 100 ਮੀਟਰ ਦੌੜ (ਲੜਕਿਆਂ) ਵਿੱਚ ਜਸਵਿੰਦਰ ਸਿੰਘ ਅਤੇ ਸ਼ਾਟਪੁੱਟ ਵਿੱਚ ਹਰਮਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ ਵੱਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਦੀਆਂ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਬਿੱਟੂ, ਸਾਬਕਾ ਸਰਪੰਚ ਸੁਖਦੀਪ ਸਿੰਘ ਗੋਲਡੀ, ਸਰਪੰਚ ਨਾਰੀਕੇ ਨਰੇਸ਼ ਕੁਮਾਰ, ਸਰਪੰਚ ਕੁਲਵਿੰਦਰ ਸਿੰਘ ਗੁੱਗੀ, ਨੰਬਰਦਾਰ ਮਨਜੀਤ ਸਿੰਘ, ਮਾਸਟਰ ਸੁਖਵੰਤ ਸਿੰਘ, ਮਾਸਟਰ ਕਮਲਜੀਤ ਸਿੰਘ, ਡੀ.ਐੱਮ. ਸਪੋਰਟਸ ਵਰਿੰਦਰ ਸਿੰਘ, ਸੀਨੀਅਰ ਫੁੱਟਬਾਲ ਕੋਚ ਹਰਪ੍ਰੀਤ ਸਿੰਘ ਅਤੇ ਸੀਨੀਅਰ ਬਾਕਸਿੰਗ ਕੋਚ ਮੁਹੰਮਦ ਹਬੀਬ ਹਾਜ਼ਰ ਸਨ।



