ਅਸੁਰੱਖਿਅਤ ਹਾਲਤ ਵਿੱਚ ਮਿਲੇ ਬੱਚੇ ਨੂੰ ਬਾਲ ਸੁਰੱਖਿਆ ਟੀਮ ਨੇ ਪਰਿਵਾਰ ਨਾਲ ਸੁਰੱਖਿਅਤ ਮਿਲਾਇਆ

ਮਾਲੇਰਕੋਟਲਾ, 2 ਸਤੰਬਰ ( ਸੂਤਰ )

ਜ਼ਿਲ੍ਹਾ ਮਲੇਰਕੋਟਲਾ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਅਸੁਰੱਖਿਅਤ ਹਾਲਤ ਵਿੱਚ ਮਿਲੇ ਇੱਕ ਬੱਚੇ ਨੂੰ ਸੁਰੱਖਿਅਤ ਢੰਗ ਨਾਲ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇੱਕ ਬੱਚਾ ਕਲੱਬ ਚੌਂਕ ਨੇੜੇ ਰਾਤ ਸਮੇਂ ਅਸੁਰੱਖਿਅਤ ਹਾਲਤ ਵਿੱਚ ਮਿਲਿਆ ਹੈ। ਸੂਚਨਾ ਮਿਲਦਿਆਂ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚਾਈਲਡ ਹੈਲਪਲਾਈਨ ਟੀਮ ਅਤੇ ਬਾਲ ਸੁਰੱਖਿਆ ਸਟਾਫ਼ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਟੀਮ ਵੱਲੋਂ ਬੱਚੇ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸੰਵੇਦਨਸ਼ੀਲਤਾ ਨਾਲ ਉਸਦੇ ਪਰਿਵਾਰ ਦੀ ਭਾਲ ਸ਼ੁਰੂ ਕੀਤੀ ਗਈ।

ਬਾਲ ਸੁਰੱਖਿਆ ਟੀਮ ਦੇ ਤੁਰੰਤ ਯਤਨਾਂ ਸਦਕਾ ਬੱਚੇ ਦੇ ਪਰਿਵਾਰ ਨਾਲ ਸੰਪਰਕ ਸਥਾਪਿਤ ਕੀਤਾ ਗਿਆ ਅਤੇ ਉਸਦੇ ਮਾਪਿਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਬੁਲਾਇਆ ਗਿਆ। ਇਸ ਉਪਰੰਤ ਬੱਚੇ ਅਤੇ ਉਸਦੇ ਮਾਪਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਮੇਟੀ ਵੱਲੋਂ ਬੱਚੇ ਦੀ ਸੁਰੱਖਿਆ, ਭਲਾਈ ਅਤੇ ਪਰਿਵਾਰਕ ਸਥਿਤੀ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਬੱਚੇ ਨੂੰ ਉਸਦੇ ਪਰਿਵਾਰ ਦੇ ਸੁਰੱਖਿਅਤ ਹਵਾਲੇ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਾਲ ਸੁਰੱਖਿਆ ਵਿਭਾਗ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਸੁਰੱਖਿਅਤ ਅਤੇ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਮੁਸੀਬਤ, ਅਸੁਰੱਖਿਅਤ ਜਾਂ ਬੇਸਹਾਰਾ ਹਾਲਤ ਵਿੱਚ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ’ਤੇ ਸੂਚਨਾ ਦਿੱਤੀ ਜਾਵੇ, ਤਾਂ ਜੋ ਬੱਚੇ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ।




