Uncategorized

ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦਾ ਆਧੁਨਿਕ ਤੇ ਟਿਕਾਊ ਖੇਤੀ ਲਈ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨ

ਫ਼ਸਲੀ ਵਿਭਿੰਨਤਾ ਅਤੇ ਪਰਾਲੀ ਪ੍ਰਬੰਧਨ ਵਿੱਚ ਮਿਸਾਲੀ ਕਾਰਗੁਜ਼ਾਰੀ ਲਈ ਬਣੇ ਹੋਰ ਕਿਸਾਨਾਂ ਲਈ ਰਾਹ ਦਸੇਰਾ : ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ, 03 ਸਤੰਬਰ ( ਸੂਤਰ )


ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (ਮਲੋਟ) ਵਿਖੇ ਰਾਜ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੌਕੇ ਆਧੁਨਿਕ ਅਤੇ ਟਿਕਾਊ ਖੇਤੀ ਦੇ ਖੇਤਰ ਵਿੱਚ ਸ਼ਲਾਘਾਯੋਗ ਉਪਰਾਲੇ ਕਰਨ ਵਾਲੇ ਪੰਜਾਬ ਦੇ 23 ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਵੀ ਸ਼ਾਮਲ ਸਨ।

ਹੁਸ਼ਿਆਰ ਸਿੰਘ ਰਾਣੂ ਨੂੰ ਆਧੁਨਿਕ ਅਤੇ ਟਿਕਾਊ ਖੇਤੀ, ਫ਼ਸਲੀ ਵਿਭਿੰਨਤਾ ਅਤੇ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਲਈ ਯਾਦਗਾਰੀ ਚਿੰਨ੍ਹ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਕਣਕ ਦੀ ਨਵੀਂ ਕਿਸਮ ਪੀ.ਬੀ.ਡਬਲਿਊ.-887 ਦੀ ਬੀਜ ਕਿੱਟ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਜੋ ਕਿਸਾਨ ਇਸ ਕਿਸਮ ਦਾ ਹੋਰ ਬੀਜ ਤਿਆਰ ਕਰ ਸਕਣ ।

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੁਸ਼ਿਆਰ ਸਿੰਘ ਰਾਣੂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਤਜਰਬੇ, ਮਿਹਨਤ ਅਤੇ ਨਵੀਨ ਸੋਚ ਨਾਲ ਖੇਤੀ ਕਰਨ ਵਾਲੇ ਕਿਸਾਨ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਅਤੇ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ਤੋਂ ਇਸ ਦੀ ਸ਼ੁਰੂਆਤ ਕਰਕੇ ਹੌਲੀ-ਹੌਲੀ ਖੇਤਰਫਲ ਵਧਾ ਸਕਦੇ ਹਨ, ਜਿਸ ਨਾਲ ਖੇਤੀ ਨੂੰ ਹੋਰ ਲਾਹੇਵੰਦ ਅਤੇ ਟਿਕਾਊ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨਾਲ ਖੇਤੀ ਰਹਿੰਦ-ਖੁਹੰਦ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਸੰਭਵ ਹੁੰਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ। ਇਸ ਦੇ ਉਲਟ ਪਰਾਲੀ ਅਤੇ ਹੋਰ ਰਹਿੰਦ-ਖੁਹੰਦ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਿੱਟੀ ਦੇ ਕੀਮਤੀ ਪੋਸ਼ਕ ਤੱਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਵਿਧਾਇਕ ਨੇ ਕਿਹਾ ਕਿ ਹਰ ਵਿਅਕਤੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ। ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਟਿਕਾਊ ਖੇਤੀ ਤਰੀਕੇ ਅਪਣਾ ਕੇ ਪੰਜਾਬ ਦੀ ਧਰਤੀ, ਪਾਣੀ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦਿੱਤਾ ਜਾ ਸਕੇ।

ਇਸ ਮੌਕੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਹੂਲਤ ਮਿਲਣ ਨਾਲ ਕਿਸਾਨਾਂ ਨੂੰ ਸਿੰਚਾਈ ਸਬੰਧੀ ਰਾਹਤ ਮਿਲੇਗੀ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਵਿੱਚ ਮਦਦ ਮਿਲੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!