Uncategorized

ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕ-ਲਹਿਰ ਬਣਾਉਣਾ ਹੀ ਨਸ਼ਾ ਮੁਕਤ ਪੰਜਾਬ ਦੀ ਕੁੰਜੀ; ਸਰਕਾਰ, ਪ੍ਰਸ਼ਾਸਨ ਤੇ ਸਮਾਜ ਦੀ ਸਾਂਝੀ ਤਾਕਤ ਨਾਲ ਟੁੱਟਿਆ ਨਸ਼ਿਆਂ ਦਾ ਜਾਲ: ਬਰਿੰਦਰ ਕੁਮਾਰ ਗੋਇਲ

ਨਸ਼ਿਆਂ ਦੀ ਸਪਲਾਈ ’ਤੇ ਸਖ਼ਤ ਵਾਰ ਦੇ ਨਾਲ ਨੌਜਵਾਨਾਂ ਨੂੰ ਸਿੱਖਿਆ ਤੇ ਖੇਡਾਂ ਨਾਲ ਜੋੜਨਾ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ

ਮਾਲੇਰਕੋਟਲਾ, 7 ਸਤੰਬਰ ( ਸੂਤਰ )


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਗੋਇਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਕੇਵਲ ਪੁਲਿਸ ਕਾਰਵਾਈ ਤੱਕ ਸੀਮਤ ਰੱਖਣ ਦੀ ਬਜਾਏ ਸਮਾਜਿਕ ਚੇਤਨਾ ਅਤੇ ਲੋਕ-ਭਾਗੀਦਾਰੀ ਦੀ ਲਹਿਰ ਬਣਾਇਆ ਗਿਆ ਹੈ। ਪਿੰਡਾਂ ਅਤੇ ਸ਼ਹਿਰੀ ਵਾਰਡਾਂ ਤੱਕ ਲੋਕਾਂ ਨਾਲ ਸਿੱਧੀ ਸਾਂਝ ਪਾ ਕੇ ਨਸ਼ਿਆਂ ਵਿਰੁੱਧ ਸਮਾਜਿਕ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਪੱਸ਼ਟ ਹੈ ਕਿ ਨਸ਼ਿਆਂ ਵਰਗੀ ਗੰਭੀਰ ਚੁਣੌਤੀ ਦਾ ਮੁਕਾਬਲਾ ਇਮਾਨਦਾਰ ਨੀਅਤ, ਦ੍ਰਿੜ੍ਹ ਇਰਾਦੇ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਕੀਤਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਨਸ਼ਿਆਂ ਦੀ ਮੰਗ ਘਟਾਉਣਾ ਵੀ ਇਸ ਜੰਗ ਦਾ ਅਹਿਮ ਪੱਖ ਹੈ। ਇਸ ਲਈ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਉਸਾਰੂ ਸਮਾਜਿਕ ਮਾਹੌਲ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਅਤੇ ਸੁਪਨਿਆਂ ਨੂੰ ਉਡਾਣ ਮਿਲੇ। ਗੋਇਲ ਨੇ ਕਿਹਾ ਕਿ ਸਰਕਾਰ ਦੀ ਦੂਰਅਦੇਸ਼ੀ ਸੋਚ ਹੈ ਕਿ ਪੰਜਾਬ ਦੀ ਜਵਾਨੀ ਦੇ ਨਾਲ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਵੀ ਅਗਲੀਆਂ ਪੀੜ੍ਹੀਆਂ ਲਈ ਸੰਭਾਲਣ ਦੀ ਹੈ। ਇਸੇ ਤਹਿਤ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਲਈ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਵਾਸਤੇ ਲਗਭਗ 700 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਪਾਣੀ ਦੀ ਰਾਖੀ ਸਿਰਫ਼ ਸੂਬੇ ਦੀ ਨਹੀਂ, ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਦੇ ਭਵਿੱਖ ਨਾਲ ਵੀ ਜੁੜੀ ਹੋਈ ਹੈ।

ਇਸ ਮੌਕੇ ਵਿਧਾਇਕ ਮਲੇਰਕੋਟਲਾ ਡਾ. ਜਾਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਨੀਂਹ ਘਰ, ਸਕੂਲ, ਖੇਡ ਮੈਦਾਨ ਅਤੇ ਪਿੰਡ ਦੀ ਸਾਂਝੀ ਚੇਤਨਾ ਵਿੱਚੋਂ ਨਿਕਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਦੇ ਦਰਸ਼ਕ ਨਹੀਂ, ਸਗੋਂ ਸਰਗਰਮ ਭਾਈਵਾਲ ਬਣਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਕ ਸੰਵਾਦ ਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭੂਮਿਕਾ ਵੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਹਰ ਪਰਿਵਾਰ, ਹਰ ਪਿੰਡ ਅਤੇ ਹਰ ਨਾਗਰਿਕ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਪਹਿਰੇਦਾਰ ਬਣੇ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਸਾਂਝੇ ਯਤਨ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ,ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਰਿੰਪੀ ਗਰਗ,ਕਾਰਜ ਸਾਧਕ ਅਫ਼ਸਰ,ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਐਸ.ਪੀ ਸੁਮਿਤ ਸੂਦ, ਐਸ.ਪੀ ਰਾਜਵਿੰਦਰ ਸਿੰਘ ਰੰਧਾਵਾ, ਡੀ.ਐਸ.ਪੀ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ ਸੰਜੀਵ ਕਪੂਰ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਜਿਲਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ ਤੋਂ ਇਲਾਵਾ ਵੀ.ਡੀ.ਸੀ.ਕਮੇਟੀਆਂ ਦੇ ਮੈਂਬਰ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!