ਸੂਬਾ ਸਰਕਾਰ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖ਼ਤਮ ਕਰਕੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨਸ਼ੀਲ – ਪਵਨ ਕੁਮਾਰ ਟੀਨੂੰ

ਅਲਾਵਲਪੁਰ 13 ਸਤੰਬਰ ( ਸੂਤਰ )

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਟੀਨੂੰ ਨੇ ਵਿਧਾਨਸਭਾ ਹਲਕਾ ਆਦਮਪੁਰ ਦੇ ਕਸਬਾ ਅਲਾਵਲਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ-ਸੁਥਰਾ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ ਮੁਹਿੰਮ ਦੀ ਅਗਵਾਈ ਕੀਤੀ।

ਇਸ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸੁਚੱਜੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਉਤਸ਼ਾਹਿਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਨੂੰ ਖ਼ਤਮ ਕਰਕੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦੇ ਢੁੱਕਵੇਂ ਪ੍ਰਬੰਧਨ ਲਈ ਸਫ਼ਾਈ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਸ਼ਮੂਲੀਅਤ ਲਈ ਅੱਗੇ ਆਉਣ ਸੱਦਾ ਵੀ ਦਿੱਤਾ।



