Uncategorized

ਕਪੂਰਥਲਾ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨਾਂ ਦੌਰਾਨ 23 ਕਾਬੂ, 170 ਗ੍ਰਾਮ ਹੈਰੋਇਨ, 262 ਨਸ਼ੀਲੀਆਂ ਗੋਲੀਆਂ, 40 ਕੈਪਸੂਲ ਅਤੇ 61.980 ਕਿਲੋ ਗਾਂਜਾ ਬਰਾਮਦ

ਕਪੂਰਥਲਾ ਜ਼ਿਲ੍ਹੇ ਵਿੱਚ 19 ਐਫ.ਆਈ.ਆਰ. ਦਰਜ

ਕਪੂਰਥਲਾ, 13 ਸਤੰਬਰ ( ਸੂਤਰ )


ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਪੂਰੇ ਜ਼ਿਲ੍ਹੇ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ ਗਿਆ, ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਮਕਸਦ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਆਮ ਜਨਤਾ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਨਾਕੇਬੰਦੀ, ਘੇਰਾਬੰਦੀ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।


ਚੈਕਿੰਗ ਦੌਰਾਨ 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 170 ਗ੍ਰਾਮ ਹੈਰੋਇਨ, 262 ਨਸ਼ੀਲੀਆਂ ਗੋਲੀਆਂ, 40 ਕੈਪਸੂਲ ਅਤੇ 61.980 ਕਿਲੋ ਗਾਂਜਾ ਬਰਾਮਦ ਹੋਇਆ। ਇਸ ਸਬੰਧੀ ਕਾਨੂੰਨ ਦੀਆਂ ਬਣਦੀਆਂ ਧਾਰਾਵਾਂ ਤਹਿਤ 19 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।


ਐਸ.ਐਸ.ਪੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨਸ਼ਿਆਂ ਵਿਰੁੱਧ ਜ਼ੀਰੋ-ਟੋਲਰੈਂਸ ਦੀ ਨੀਤੀ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਨਾਲ ਹੀ ਜਾਗਰੂਕਤਾ, ਰੋਕਥਾਮ ਅਤੇ ਮੁੜ ਵਸੇਬੇ ਦੇ ਯਤਨਾਂ ਨੂੰ ਵੀ ਮਜ਼ਬੂਤ ਕਰੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ।

ਇਸ ਮੌਕੇ ਕਪੂਰਥਲਾ ਅਤੇ ਭੁਲੱਥ ਤੋਂ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਵੱਖ-ਵੱਖ ਇਲਾਕਿਆਂ ਵਿੱਚ ਚਲਾਏ ਗਏ CASO ਅਭਿਆਨ ਦੌਰਾਨ ਨਾਜਾਇਜ਼ ਸ਼ਰਾਬ ਦੀ ਜਾਂਚ ਲਈ ਪੁਲਿਸ ਟੀਮਾਂ ਦੇ ਨਾਲ ਮੌਜੂਦ ਰਹੇ।

Related Articles

Leave a Reply

Your email address will not be published. Required fields are marked *

Back to top button
error: Content is protected !!