24 ਸਤੰਬਰ ਨੂੰ ਅਮਰਗੜ੍ਹ ਦੇ ਅੰਬਰ ’ਤੇ ਰੌਸ਼ਨੀ ਰਾਹੀਂ ਸਾਕਾਰ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦਾ ਸਰਬ-ਸਾਂਝੀਵਾਲਤਾ ਦਾ ਸੰਦੇਸ਼: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਸ਼ਾਮ 6 ਵਜੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ; ਸੰਗਤ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ

ਮਾਲੇਰਕੋਟਲਾ, 22 ਸਤੰਬਰ ( ਸੂਤਰ )

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਾਲ ਭਰ ਦੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ, ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ 500 ਡਰੋਨ ਅਮਰਗੜ੍ਹ ਦੇ ਅਸਮਾਨ ਨੂੰ ਰੌਸ਼ਨ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ਾਂ ਦੀ ਵਿਲੱਖਣ ਪੇਸ਼ਕਾਰੀ ਕਰਨਗੇ।

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਗੁਰੂ ਜੀ ਦਾ ਸਮਾਨਤਾ, ਮਨੁੱਖੀ ਮਾਣ, ਭਾਈਚਾਰਕ ਸਾਂਝ ਅਤੇ ਸਰਬ-ਸਾਂਝੀਵਾਲਤਾ ਦਾ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਆਧੁਨਿਕ ਤਕਨੀਕ ਰਾਹੀਂ ਇਸ ਮਹਾਨ ਵਿਰਾਸਤ ਨੂੰ ਖ਼ਾਸ ਕਰਕੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਇਸ ਸਮਾਗਮ ਦਾ ਵਿਸ਼ੇਸ਼ ਪਹਿਲੂ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ “ਇਹ ਕੇਵਲ ਰੌਸ਼ਨੀਆਂ ਦੀ ਪੇਸ਼ਕਾਰੀ ਨਹੀਂ, ਸਗੋਂ ਗੁਰੂ ਜੀ ਦੇ ਮਨੁੱਖੀ ਬਰਾਬਰੀ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਦੇ ਮਨਾਂ ਨਾਲ ਜੋੜਨ ਦਾ ਉਪਰਾਲਾ ਹੈ।” ਉਨ੍ਹਾਂ ਹਲਕਾ ਅਮਰਗੜ੍ਹ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਵਿਸ਼ੇਸ਼ ਪੇਸ਼ਕਾਰੀ ਦਾ ਹਿੱਸਾ ਬਣਨ ਦਾ ਖੁੱਲ੍ਹਾ ਸੱਦਾ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਿਧਾਇਕ ਨੂੰ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਸ਼ਾਸਨਿਕ ਪ੍ਰਬੰਧਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਬੈਠਣ, ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ, ਸਫ਼ਾਈ, ਪਾਰਕਿੰਗ, ਆਵਾਜਾਈ ਅਤੇ ਸੁਰੱਖਿਆ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ. ਰਾਜਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾ, ਖੇਤਰੀ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਛੀਨਾ, ਪੀ.ਏ. ਟੂ ਵਿਧਾਇਕ ਅਭਿਜੋਤ ਸਿੰਘ, ਰਾਜੀਵ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।



