SIR-2026: ਮਾਲੇਰਕੋਟਲਾ ਦੇ ਹਰ ਪੋਲਿੰਗ ਬੂਥ ’ਤੇ ਵਿਸ਼ੇਸ਼ ਕੈਂਪ, ਵੋਟਰਾਂ ਨੂੰ ਆਪਣੀ ਜਾਣਕਾਰੀ ਦੀ ਜਾਂਚ ਕਰਨ ਦੀ ਅਪੀਲ
ਫਾਰਮ 6, 6-ਏ, 7 ਅਤੇ 8 ਰਾਹੀਂ ਵੋਟਰ ਕਰਵਾ ਸਕਦੇ ਹਨ ਨਾਮ ਦਰਜ, ਵੇਰਵਿਆਂ ਵਿੱਚ ਸੋਧ ਜਾਂ ਇਤਰਾਜ਼-ਜ਼ਿਲ੍ਹਾ ਚੋਣ ਅਫ਼ਸਰ

ਮਾਲੇਰਕੋਟਲਾ, 6 ਸਤੰਬਰ ( ਸੂਤਰ )

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਚੱਲ ਰਹੀ Special Intensive Revision (SIR)-2026 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਦਾਅਵੇ ਤੇ ਇਤਰਾਜ਼ ਦਾਇਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।



ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ SIR-2026 ਤਹਿਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਹੋ ਚੁੱਕੀ ਹੈ। ਵੋਟਰ 13 ਅਗਸਤ ਤੋਂ 12 ਸਤੰਬਰ 2026 ਤੱਕ ਨਿਰਧਾਰਤ ਪ੍ਰਕਿਰਿਆ ਅਨੁਸਾਰ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ BLOs ਵੱਲੋਂ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਵੋਟਰ ਫਾਰਮ ਨੰਬਰ 6, 6-ਏ, 7 ਅਤੇ 8 ਰਾਹੀਂ ਆਪਣੀ ਲੋੜ ਅਨੁਸਾਰ ਅਰਜ਼ੀ/ਦਾਅਵਾ ਜਾਂ ਇਤਰਾਜ਼ ਦਾਇਰ ਕਰ ਸਕਦੇ ਹਨ।

ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਦਾ ਲਾਭ ਲੈਂਦਿਆਂ 12 ਸਤੰਬਰ ਤੋਂ ਪਹਿਲਾਂ ਆਪਣੀ ਵੋਟਰ ਜਾਣਕਾਰੀ ਦੀ ਜਾਂਚ ਜ਼ਰੂਰ ਕਰਨ ਅਤੇ ਕਿਸੇ ਵੀ ਤਰੁੱਟੀ ਦੀ ਸੂਰਤ ਵਿੱਚ ਸਮੇਂ ਸਿਰ ਸੁਧਾਰ ਲਈ ਅਰਜ਼ੀ ਦਾਇਰ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਬੁਨਿਆਦ ਹੈ।




