ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਟ
ਨਸ਼ਾ ਤਸਕਰੀ ਖ਼ਿਲਾਫ਼ ਜੀਰੋ ਟੋਲਰੈਂਸ: 21 ਕੇਸਾਂ ਦਾ ਮਾਲ ਕੀਤਾ ਖ਼ਤਮ

ਮਾਲੇਰਕੋਟਲਾ, 27 ਫਰਵਰੀ ( ਵਾਸ਼ਿਸ਼ਟ )

ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੁੱਲ 21 ਮਾਮਲਿਆਂ ਦੇ ਮਾਲ ਦਾ ਨਿਪਟਾਰਾ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਨਾਭਾ ਪੇਪਰ ਮਿਲ ਵਿਖੇ 21 ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਕਾਰਵਾਈ ਦੌਰਾਨ ਬਰਾਮਦ 161 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 339 ਗ੍ਰਾਮ ਹੈਰੋਇਨ, 2460 ਨਸ਼ੀਲੀਆਂ ਗੋਲੀਆਂ ਅਤੇ 1 ਕਿਲੋ 774 ਗ੍ਰਾਮ ਗਾਂਜਾ ਨਸ਼ਟ ਕੀਤਾ ਗਿਆ। ਇਸ ਮੌਕੇ ਐਸ.ਪੀ. (ਇੰਨਵੈਸਟੀਗੇਸ਼ਨ) ਅਤੇ ਡੀ.ਐਸ.ਪੀ. (ਐਨ.ਡੀ.ਪੀ.ਐਸ.) ਸਮੇਤ ਪੁਲਿਸ ਫੋਰਸ ਹਾਜ਼ਰ ਰਹੀ।

ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਸ਼ਹਿਰੀ ਅਤੇ ਪਿੰਡ ਪੱਧਰ ‘ਤੇ ਲਗਾਤਾਰ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੀ ਸਪਲਾਈ ਚੇਨ ਨੂੰ ਤੋੜਨ ਲਈ ਅੱਗੇ ਅਤੇ ਪਿੱਛੇ ਦੋਵੇਂ ਕੜੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਕੋਈ ਸੂਚਨਾ ਹੋਵੇ ਤਾਂ ਪੰਜਾਬ ਸਰਕਾਰ ਵੱਲੋਂ ਜਾਰੀ ‘ਸੇਫ ਪੰਜਾਬ’ ਐਂਟੀ ਡਰੱਗ ਹੈਲਪਲਾਈਨ ਵੱਟਸਐਪ ਨੰਬਰ 9779-100-200 ‘ਤੇ ਸਾਂਝੀ ਕੀਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।




