ਰਾਜਦੀਪ ਸਿੰਘ ਬਰਾੜ ਨੇ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਜੋਂ ਸੰਭਾਲਿਆ ਅਹੁਦਾ
ਸਰਕਾਰ ਦੀਆਂ ਤਰਜੀਹੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਰਹੇਗੀ ਪ੍ਰਾਥਮਿਕਤਾ

ਮਾਲੇਰਕੋਟਲਾ, 05 ਫਰਵਰੀ ( ਵਾਸ਼ਿਸ਼ਟ )
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਤਬਾਦਲਾ ਹੁਕਮਾਂ ਦੇ ਤਹਿਤ ਆਈ.ਏ.ਐਸ ਅਧਿਕਾਰੀ ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ।

ਜ਼ਿਕਰਯੋਗ ਹੈ ਕਿ 2020 ਬੈਚ ਦੇ ਆਈ.ਏ.ਐਸ ਅਧਿਕਾਰੀ ਰਾਜਦੀਪ ਸਿੰਘ ਬਰਾੜ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਕੋਲ ਪ੍ਰਸ਼ਾਸਨਿਕ ਅਤੇ ਮੈਦਾਨੀ ਤਾਇਨਾਤੀਆਂ ਦਾ ਵਿਆਪਕ ਤਜਰਬਾ ਹੈ।

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਅਤੇ ਸੁਚੱਜੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਅਤੇ ਤਰਜੀਹੀ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਲਾਗੂ ਕਰਕੇ ਹਰ ਹੱਕਦਾਰ ਨਾਗਰਿਕ ਤੱਕ ਉਹਨਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ, ਤੇਜ਼ੀ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਲੋਕ ਭਲਾਈ ਕਾਰਜਾਂ ਨੂੰ ਅੱਗੇ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

ਇਸ ਮੌਕੇ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਕੰਮਕਾਜ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤਾ ਜਾਵੇ।




