ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਦੀਆਂ ਸੰਗਤਾਂ ਦੀ ਮੰਗ ’ਤੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਿਆਸ ਲਈ ਬੱਸ ਸੇਵਾ ਵਧਾਉਣ ਦਾ ਮਾਮਲਾ ਵਿਧਾਨ ਸਭਾ ਵਿੱਚ ਉਠਾਇਆ

ਫ਼ਰੀਦਕੋਟ 8 ਮਾਰਚ ( ਸੂਤਰ )

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਫ਼ਰੀਦਕੋਟ ਇਲਾਕੇ ਦੀਆਂ ਸੰਗਤਾਂ ਵੱਲੋਂ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਫ਼ਰੀਦਕੋਟ ਤੋਂ ਸ੍ਰੀ ਸੁਲਤਾਨਪੁਰ ਲੋਧੀ ਅਤੇ ਡੇਰਾ ਬਿਆਸ ਜਾਣ ਵਾਲੀ ਬੱਸ ਸੇਵਾ ਵਿੱਚ ਵਾਧਾ ਕਰਨ ਦਾ ਮਾਮਲਾ ਵਿਧਾਨ ਸਭਾ ਸੈਸ਼ਨ ਦੌਰਾਨ ਉਠਾਇਆ ਗਿਆ।

ਵਿਧਾਨ ਸਭਾ ਵਿੱਚ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਟਰਾਂਸਪੋਰਟ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਪੀ.ਆਰ.ਟੀ.ਸੀ. ਵੱਲੋਂ ਫਰੀਦਕੋਟ ਤੋਂ ਸੁਲਤਾਨਪੁਰ ਲੋਧੀ ਰੂਟ ‘ਤੇ ਕੁੱਲ 5 ਬੱਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚੋਂ 3 ਬੱਸਾਂ ਫਰੀਦਕੋਟ ਤੋਂ ਸਿੱਧਾ ਸੁਲਤਾਨਪੁਰ ਲੋਧੀ ਜਾਂਦੀਆਂ ਹਨ ਅਤੇ 2 ਬੱਸਾਂ ਜਲੰਧਰ ਰਾਹੀਂ ਇਸ ਰੂਟ ‘ਤੇ ਚੱਲਦੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਫ਼ਰੀਦਕੋਟ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਸਥਾਨਾਂ ’ਤੇ ਜਾਣ ਲਈ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਜਲਦ ਹੀ ਇਸ ਰੂਟ ’ਤੇ ਬੱਸ ਸੇਵਾ ਵਿੱਚ ਹੋਰ ਵਾਧਾ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਆਉਣ-ਜਾਣ ਵਿੱਚ ਸੁਵਿਧਾ ਮਿਲ ਸਕੇ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਬੱਸ ਸੇਵਾ ਸ਼ੁਰੂ ਹੋਣ ਨਾਲ ਸ੍ਰੀ ਸੁਲਤਾਨਪੁਰ ਲੋਧੀ ਅਤੇ ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਨ ਸਭਾ ਵਿੱਚ ਇਹ ਮਾਮਲਾ ਉਠਾਏ ਜਾਣ ਨਾਲ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ ।




