ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਸਰਕਾਰ ਵੱਲੋਂ ਜਾਰੀ ਕੀਤੀਆਂ ਗਰਾਂਟਾਂ ਦੀ ਸਹੀ ਵਰਤੋਂ ਲਈ ਅਧਿਕਾਰੀ ਜਮੀਨੀ ਪੱਧਰ ’ਤੇ ਕੰਮਾਂ ਦੀ ਖੁਦ ਜਾਂਚ ਕਰਨ – ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 10 ਮਾਰਚ ( ਸੂਤਰ )

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਪ੍ਰੋਜੈਕਟਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਤਿਆਰ ਕਰਕੇ ਸਬੰਧਿਤ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਜਾਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਮ.ਪੀ. ਲੈਂਡ ਸਕੀਮਾਂ ਹੇਠ ਵੱਖ-ਵੱਖ ਵਿਭਾਗਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਗਰਾਂਟਾਂ ਅਤੇ ਉਨ੍ਹਾਂ ਦੇ ਤਹਿਤ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰੇਕ ਯੋਗ ਨਾਗਰਿਕ ਤੱਕ ਪਹੁੰਚਾਉਣਾ ਸਾਰੇ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾ ਬਣਾਉਂਦੇ ਸਮੇਂ ਲੋਕ ਹਿਤ ਨੂੰ ਪ੍ਰਮੁੱਖਤਾ ਦਿੱਤੀ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਵਿੱਚ ਬੇਵਜ੍ਹਾ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਕਮ ਦੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ‘ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਂਣ ਨੂੰ ਯਕੀਨੀ ਬਣਾਉਣ ।




