ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ
ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

ਮਾਲੇਰਕੋਟਲਾ, 19 ਮਾਰਚ ( ਵਾਸ਼ਿਸ਼ਟ )

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪਵਿੱਤਰ ਤਿਉਹਾਰ ਈਦ-ਉਲ-ਫ਼ਿਤਰ ਮੌਕੇ ਸਥਾਨਕ ਵੱਡੀ ਈਦਗਾਹ ਵਿਖੇ ਮਨਾਏ ਜਾਣ ਵਾਲੇ ਵਿਸ਼ੇਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਦੌਰਾਨ ਆਉਣ ਵਾਲੇ ਨਮਾਜੀਆਂ ਅਤੇ ਮਹਿਮਾਨਾਂ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ Dਨੇ ਕਿਹਾ ਕਿ ਰਮਜ਼ਾਨ ਦੇ ਮੁਕੱਦਸ ਮਹੀਨੇ ਦੇ ਰੋਜ਼ਿਆਂ ਦੀ ਸਮਾਪਤੀ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਰੱਬ ਦਾ ਸ਼ੁਕਰ ਅਦਾ ਕਰਨ ਲਈ ਵੱਡੀ ਈਦਗਾਹ ਮਾਲੇਰਕੋਟਲਾ ਵਿਖੇ ਈਦ-ਉਲ-ਫ਼ਿਤਰ ਦੀ ਨਮਾਜ ਅਦਾ ਕੀਤੀ ਜਾਵੇਗੀ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਤਿਉਹਾਰ ਦੇ ਮੌਕੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਨਿਭਾਉਣ ਲਈ ਕਿਹਾ।

ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਸਮਾਗਮ ਵਾਲੇ ਸਥਾਨ ’ਤੇ ਪਹਿਲਾਂ ਹੀ ਸਾਫ-ਸਫਾਈ ਦੇ ਪ੍ਰਬੰਧ ਯਕੀਨੀ ਬਣਾਉਣ, ਪੀਣ ਯੋਗ ਪਾਣੀ ਦੀ ਉਪਲਬਧਤਾ, ਨਿਰਵਿਘਨ ਬਿਜਲੀ ਸਪਲਾਈ, ਬੈਰੀਕੇਡਿੰਗ ਅਤੇ ਵੀ.ਆਈ.ਪੀ. ਆਵਾਜਾਈ ਲਈ ਸੁਚਾਰੂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਮੂਹ ਪ੍ਰਬੰਧ ਸੁਚੱਜੇ ਢੰਗ ਨਾਲ ਪੂਰੇ ਕਰਨ ਲਈ ਵੀ ਕਿਹਾ।

ਇਸ ਮੌਕੇ ਈਦਗਾਹ ਕਮੇਟੀ ਦੇ ਪ੍ਰਧਾਨ ਮੁਹੰਮਦ ਨਜ਼ੀਰ ਨੇ ਦੱਸਿਆ ਕਿ ਮਾਲੇਰਕੋਟਲਾ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਹੋਏ ਭਾਈਚਾਰੇ ਦੀ ਸਾਂਝ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੌਰਾਨ ਵੱਡੀ ਈਦਗਾਹ ਵਿਖੇ ਈਦ-ਉਲ-ਫ਼ਿਤਰ ਦੀ ਨਮਾਜ ਅਦਾ ਕਰਵਾਈ ਜਾਵੇਗੀ । ਉਨ੍ਹਾਂ ਹੋਰ ਦੱਸਿਆ ਕਿ ਨਮਾਜ ਅਦਾ ਕਰਵਾਉਣ ਦੇ ਫਰਾਇਜ ਮੁਫ਼ਤੀ-ਏ-ਆਜ਼ਮ ਪੰਜਾਬ ਮੁਫ਼ਤੀ ਇਰਤਕਾ ਉਲ ਹਸਨ ਕਾਂਧਲਵੀ ਵੱਲੋਂ ਈਦ ਦੀ ਨਮਾਜ ਅਦਾ ਕਰਵਾਉਣਗੇ ।

ਇਸ ਮੌਕੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਸਿੰਘ, ਐਕਸ਼ੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜੀ ਆਦਰਸ਼ ਨਿਰਮਲ, ਐਕਸ਼ੀਅਨ ਪੀ.ਐੱਸ.ਪੀ.ਸੀ.ਐੱਲ ਇੰਜੀ ਹਰਵਿੰਦਰ ਸਿੰਘ, ਏ.ਈ ਇੰਜੀ ਹਰਮੁਨਿਤ ਸਿੰਘ, ਐਸ.ਡੀ.ਓ ਇੰਜੀ ਅਮਨਦੀਪ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।




