ਡਿਪਟੀ ਕਮਿਸ਼ਨਰ ਵੱਲੋਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕਣਕ ਦੇ ਅਗੇਤੇ ਖਰੀਦ ਪ੍ਰਬੰਧਾਂ ਸਬੰਧੀ ਮੀਟਿੰਗ
ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਦਿੱਤੇ ਹੁਕਮ

ਮਾਲੇਰਕੋਟਲਾ, 02 ਅਪ੍ਰੈਲ ( ਵਾਸ਼ਿਸ਼ਟ )

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖਰੀਦ ਸੀਜ਼ਨ ਸੰਬੰਧੀ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਕਣਕ ਦੀ ਖਰੀਦ ਅਤੇ ਲਿਫਟਿੰਗ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਇਸ ਲਈ ਸਾਰੇ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ।

ਉਨ੍ਹਾਂ ਬਾਰਦਾਨਾ, ਢੋਆ-ਢੁਆਈ ਅਤੇ ਮੰਡੀਆਂ ਵਿੱਚ ਹੋਰ ਬੁਨਿਆਦੀ ਸਹੂਲਤਾਂ ਦੀ ਅਗਾਊਂ ਤਿਆਰੀ ਕਰਨ ’ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਨੂੰ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਦੇ ਵੀ ਪੂਰੇ ਪ੍ਰਬੰਧ ਕੀਤੇ ਜਾਣ।

ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਤੁਰੰਤ ਲਿਫਟਿੰਗ ਕਰਕੇ ਮੰਡੀਆਂ ਵਿੱਚੋਂ ਸਟੋਰੇਜ ਲਈ ਭੇਜਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।




