ਜ਼ਿਲ੍ਹਾ ਫਾਜ਼ਿਲਕਾ ਵਿੱਚ ਖ਼ਾਸ ਗਿਰਦਾਵਰੀ ਦੇ ਹੁਕਮ ਜਾਰੀ
ਨੁਕਸਾਨ ਦੀ ਜਾਂਚ ਉਪਰੰਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਡਿਪਟੀ ਕਮਿਸ਼ਨਰ

ਫਾਜ਼ਿਲਕਾ 06 ਅਪ੍ਰੈਲ ( ਸੂਤਰ )

ਹਾਲ ਹੀ ਵਿੱਚ ਹੋਈ ਅਚਾਨਕ ਬਾਰਿਸ਼ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੂੰ ਸਰਕਾਰ ਵੱਲੋਂ ਖ਼ਾਸ ਗਿਰਦਾਵਰੀ ਕਰਨ ਦੇ ਹੁਕਮ ਪ੍ਰਾਪਤ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਖ਼ਾਸ ਗਿਰਦਾਵਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਮੌਕੇ ‘ਤੇ ਜਾ ਕੇ ਫਸਲ ਦੇ ਨੁਕਸਾਨ ਦੀ ਅਸਲ ਸਥਿਤੀ ਦਾ ਅੰਦਾਜ਼ਾ ਲਗਾਉਣਾ ਹੈ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਵਿਸਥਾਰ ਨਾਲ ਨੁਕਸਾਨ ਦੀ ਰਿਪੋਰਟ ਤਿਆਰ ਕਰ ਰਹੀਆਂ ਹਨ, ਤਾਂ ਜੋ ਪ੍ਰਭਾਵਿਤ ਕਿਸਾਨਾਂ ਦੀ ਸਹੀ ਪਛਾਣ ਕੀਤੀ ਜਾ ਸਕੇ। ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਨਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਅਧਾਰ ‘ਤੇ ਮੁਕੰਮਲ ਕੀਤਾ ਜਾਵੇ।


