Uncategorized

3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਵੋਟਾਂ ਦੀ ਗਿਣਤੀ

ਮਾਨਸਾ 30 ਮਈ ( ਸੂਤਰ )


ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੀ 26 ਮਈ ਨੂੰ ਹੋਈਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ।

ਨਗਰ ਕੌਂਸਲ ਮਾਨਸਾ, ਬੁਢਲਾਡਾ ਅਤੇ ਬਰੇਟਾ ਤੋਂ ਇਲਾਵਾ ਨਗਰ ਪੰਚਾਇਤ ਬੋਹਾ ਤੇ ਜੋਗਾ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਵੱਖ- ਵੱਖ ਥਾਈਂ ਗਿਣਤੀ ਕੇਂਦਰ ਬਣਾਏ ਗਏ ਸਨ ਜਿਥੇ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਦਾ ਕਾਰਜ ਮੁਕੰਮਲ ਹੋਇਆ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ (ਆਈ.ਏ.ਐਸ) ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ (ਆਈ.ਪੀ.ਐਸ) ਵੱਲੋਂ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਥਾਪਿਤ 2 ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਵੋਟਿੰਗ ਪ੍ਰਕਿਰਿਆ ਦੇ ਸਮੁੱਚੇ ਅਮਲ ਨੂੰ ਸਫਲਤਾ ਨਾਲ ਨੇਪਰੇ ਚੜਾਉਣ ਲਈ ਆਰ.ਓਜ਼, ਪ੍ਰਸ਼ਾਸ਼ਨ ਤੇ ਪੁਲਿਸ ਦੇ ਚੋਣ ਅਮਲੇ, ਉਮੀਦਵਾਰਾਂ, ਸਿਆਸੀ ਪਾਰਟੀਆਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਵਿਖੇ ਕੁਲ 27 ਵਾਰਡਾਂ ਲਈ ਵੋਟਾਂ ਪਈਆਂ ਸਨ ਜਿਸ ਦੇ ਅੱਜ ਆਏ ਨਤੀਜਿਆਂ ਦੇ ਤਹਿਤ 8 ਵਾਰਡਾਂ ਵਿੱਚ ਆਮ ਆਦਮੀ ਪਾਰਟੀ, 6 ਵਾਰਡਾਂ ਵਿੱਚ ਭਾਰਤੀ ਜਨਤਾ ਪਾਰਟੀ, 5 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, 3 ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ 5 ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਬੁਢਲਾਡਾ ਵਿਖੇ ਕੁਲ 19 ਵਾਰਡਾਂ ਵਿੱਚੋਂ 7 ਵਿੱਚ ਆਮ ਆਦਮੀ ਪਾਰਟੀ, 2 ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, 5 ਵਿੱਚ ਸ਼੍ਰੋਮਣੀ ਅਕਾਲੀ ਦਲ, 1 ਵਿੱਚ ਬਹੁਜਨ ਸਮਾਜ ਪਾਰਟੀ ਅਤੇ 4 ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰੇਟਾ ਵਿਖੇ ਕੁਲ 13 ਵਾਰਡਾਂ ਵਿਚੋਂ 2 ਵਿੱਚ ਆਮ ਆਦਮੀ ਪਾਰਟੀ ਅਤੇ 11 ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ। ਬੋਹਾ ਦੇ 13 ਵਾਰਡਾਂ ਵਿਚੋਂ 3 ਵਿੱਚ ਆਮ ਆਦਮੀ ਪਾਰਟੀ, 3 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ 7 ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਪੰਚਾਇਤ ਜੋਗਾ ਦੇ ਕੁਲ 13 ਵਾਰਡਾਂ ਵਿਚੋਂ 5 ਉਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ 8 ਉਤੇ ਆਜ਼ਾਦ ਉਮੀਦਵਾਰ ਜੇਤੂ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਤੂ ਐਲਾਨੇ ਗਏ ਉਮੀਦਵਾਰਾਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਜੇਤੂ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

Related Articles

Leave a Reply

Your email address will not be published. Required fields are marked *

Back to top button
error: Content is protected !!