Uncategorized

ਅਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੁਸ਼ਕਲਾਂ ‘ਤੇ ਪ੍ਰਸ਼ਾਸਨ ਗੰਭੀਰ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਕਦਮਾਂ ਦੇ ਨਿਰਦੇਸ਼

“ਬੇਜ਼ੁਬਾਨ ਪਸ਼ੂਆਂ ਨੂੰ ਸੜਕਾਂ ‘ਤੇ ਨਾ ਛੱਡੋ, ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ”- ਰਾਜਦੀਪ ਸਿੰਘ ਬਰਾੜ

ਮਾਲੇਰਕੋਟਲਾ, 01 ਜੂਨ ( ਸੂਤਰ )


ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਵਾਰਾ ਪਸ਼ੂਆਂ ਕਾਰਨ ਵੱਧ ਰਹੀਆਂ ਮੁਸ਼ਕਲਾਂ ਅਤੇ ਸੜਕ ਹਾਦਸਿਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਨਗਰ ਕੌਂਸਲ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਹਾਦਸਾ-ਮੁਕਤ ਬਣਾਉਣ ਲਈ ਅਵਾਰਾ ਪਸ਼ੂਆਂ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਫੜ ਕੇ ਗੌਸ਼ਾਲਾਵਾਂ ਆਦਿ ਵਿੱਚ ਭੇਜਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪ੍ਰਸ਼ਾਸਨਿਕ ਜ਼ਿੰਮੇਵਾਰੀ ਨਹੀਂ, ਸਗੋਂ ਮਨੁੱਖਤਾ ਨਾਲ ਜੁੜਿਆ ਹੋਇਆ ਮਾਮਲਾ ਵੀ ਹੈ।

ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਗਊਸ਼ਾਲਾਵਾਂ ਵਿੱਚ ਰਹਿ ਰਹੀਆਂ ਗਾਵਾਂ ਦੀ ਸਿਹਤ ਦੀ ਨਿਯਮਿਤ ਜਾਂਚ, ਟੀਕਾਕਰਨ, ਚਾਰੇ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਬੇਜ਼ੁਬਾਨ ਪਸ਼ੂਆਂ ਦੀ ਸੰਭਾਲ ਸੇਵਾ ਭਾਵਨਾ ਨਾਲ ਹੋ ਸਕੇ। ਇਸ ਦੇ ਨਾਲ ਹੀ ਨਗਰ ਕੌਂਸਲ ਅਧਿਕਾਰੀਆਂ ਨੂੰ ਖੁੱਲ੍ਹੇ ਵਿੱਚ ਪਏ ਕੂੜੇ ਨੂੰ ਤੁਰੰਤ ਚੁੱਕਣ ਅਤੇ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ, ਤਾਂ ਜੋ ਅਵਾਰਾ ਪਸ਼ੂਆਂ ਦੇ ਇਕੱਠ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ “ਬੇਜ਼ੁਬਾਨ ਪਸ਼ੂ ਵੀ ਜੀਵ ਹਨ, ਉਨ੍ਹਾਂ ਨਾਲ ਦਇਆ ਅਤੇ ਜ਼ਿੰਮੇਵਾਰੀ ਵਾਲਾ ਵਤੀਰਾ ਅਪਣਾਉਣਾ ਸਾਡਾ ਫਰਜ਼ ਹੈ। ਆਪਣੇ ਪਸ਼ੂਆਂ ਨੂੰ ਸੜਕਾਂ ‘ਤੇ ਛੱਡਣਾ ਨਾ ਸਿਰਫ਼ ਉਨ੍ਹਾਂ ਦੀ ਜਾਨ ਲਈ ਖ਼ਤਰਾ ਹੈ, ਸਗੋਂ ਹੋਰ ਲੋਕਾਂ ਦੀ ਸੁਰੱਖਿਆ ਨੂੰ ਵੀ ਜੋਖਮ ਵਿੱਚ ਪਾਂਦਾ ਹੈ। ਆਓ ਸਾਰੇ ਮਿਲ ਕੇ ਮਾਲੇਰਕੋਟਲਾ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਈਏ।”

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਬੇਜ਼ੁਬਾਨ ਪਸ਼ੂਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਮੱਸਿਆ ਦੇ ਪੱਕੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ

ਇਸ ਮੌਕੇ ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫਸਰ ਅਹਿਮਦਗੜ੍ਹ/ਅਮਰਗੜ੍ਹ ਅਸ਼ੀਸ਼ ਕੁਮਾਰ, ਸੀਨੀਅਰ ਵੈਟਰਨਰੀ ਅਫ਼ਸਰ ਡਾ.ਸੁਖਵਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਹਰਮੇਸ਼ ਸਿੰਘ ਗਿੱਲ, ਸਮਾਜਸੇਵੀ ਮਹੰਤ ਸਵਰੂਪ ਬਿਹਾਰੀ ਸ਼ਰਨ ਹਾਜਰ ਸਨ

Related Articles

Leave a Reply

Your email address will not be published. Required fields are marked *

Back to top button
error: Content is protected !!