Uncategorized

ਵਪਾਰੀ-ਪੁਲਿਸ ਮਿਲਣੀ ਪ੍ਰੋਗਰਾਮ ਤਹਿਤ ਐਸ.ਐਸ.ਪੀ. ਮਾਲੇਰਕੋਟਲਾ ਵਪਾਰਕ ਭਾਈਚਾਰੇ ਨਾਲ ਹੋਏ ਰੂਬਰੂ

ਵਪਾਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਕਾਰੋਬਾਰੀ ਮਾਹੌਲ ਯਕੀਨੀ ਬਣਾਉਣਾ ਪੁਲਿਸ ਦੀ ਮੁੱਖ ਤਰਜੀਹ : ਗੁਰਮੀਤ ਸਿੰਘ

ਮਾਲੇਰਕੋਟਲਾ, 04 ਜੂਨ ( ਵਾਸ਼ਿਸ਼ਟ )


ਮਾਲੇਰਕੋਟਲਾ ਜ਼ਿਲ੍ਹੇ ਵਿੱਚ ਲੋਕ-ਪੁਲਿਸ ਸਾਂਝ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕਰਵਾਏ ਗਏ “ਵਪਾਰੀ-ਪੁਲਿਸ ਮਿਲਣੀ ” ਪ੍ਰੋਗਰਾਮ ਤਹਿਤ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਮਾਲੇਰਕੋਟਲਾ ਗੁਰਮੀਤ ਸਿੰਘ ਨੇ ਸ਼ਹਿਰ ਦੇ ਪ੍ਰਮੁੱਖ ਕੱਪੜਾ ਵਪਾਰੀਆਂ, ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਹੋਰ ਕਾਰੋਬਾਰੀਆਂ ਨਾਲ ਜੁੜੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਅਤੇ ਸੁਰੱਖਿਆ ਸਬੰਧੀ ਮੁੱਦਿਆਂ ’ਤੇ ਸਾਂਝੇ ਹੱਲ ਲੱਭਣਾ ਸੀ।

ਮੀਟਿੰਗ ਦੌਰਾਨ ਐਸ.ਐਸ.ਪੀ. ਗੁਰਮੀਤ ਸਿੰਘ ਨੇ ਵਪਾਰੀਆਂ ਨਾਲ ਖੁੱਲ੍ਹੇ ਦਿਲ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਵਪਾਰੀਆਂ ਦੀ ਸੁਰੱਖਿਆ, ਕਾਰੋਬਾਰਾਂ ਦੀ ਨਿਰਵਿਘਨ ਕਾਰਗੁਜ਼ਾਰੀ ਅਤੇ ਸ਼ਹਿਰ ਵਿੱਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਨਿਯਮਿਤ ਗਸ਼ਤ, ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਅਤੇ ਤੁਰੰਤ ਕਾਰਵਾਈ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਐਸ.ਐਸ.ਪੀ. ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰੀ ਅਦਾਰਿਆਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸੁਰੱਖਿਆ ਉਪਾਵਾਂ ਨੂੰ ਅਪਣਾਉਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਅਪਰਾਧ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।

ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜ਼ਮ ਦਾਰਾ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰਕ ਭਾਈਚਾਰੇ ਨੂੰ ਬਿਹਤਰ ਸਹੂਲਤਾਂ, ਸੁਰੱਖਿਅਤ ਕਾਰੋਬਾਰੀ ਮਾਹੌਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵਪਾਰੀਆਂ ਨਾਲ ਸਿੱਧੀ ਮਿਲਣੀ ਪ੍ਰੋਗਰਾਮ ਉਲੀਕ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਸਮੇਂ ਸਿਰ ਹੱਲ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਆਜ਼ਮ ਦਾਰਾ ਨੇ ਕਿਹਾ ਕਿ ਅਜਿਹੀਆਂ ਮਿਲਣੀਆਂ ਨਾਲ ਵਪਾਰੀਆਂ, ਪੁਲਿਸ ਅਤੇ ਪ੍ਰਸ਼ਾਸਨ ਦਰਮਿਆਨ ਆਪਸੀ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ, ਜਿਸ ਨਾਲ ਕਾਰੋਬਾਰ ਨੂੰ ਉਤਸ਼ਾਹ ਮਿਲਣ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਵੀ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਹਿੱਤਾਂ ਦੀ ਰਾਖੀ ਲਈ ਚੁੱਕੇ ਜਾ ਰਹੇ ਲੋਕ-ਪੱਖੀ ਕਦਮਾਂ ਦੀ ਵੀ ਸਰਾਹਨਾ ਕੀਤੀ।

ਮੀਟਿੰਗ ਦੇ ਅੰਤ ਵਿੱਚ ਵਪਾਰੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਸ਼ਹਿਰ ਵਿੱਚ ਅਮਨ, ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ, ਡੀ.ਐਸ.ਪੀ ਮਾਨਵਜੀਤ ਸਿੰਘ ਮੈਂਬਰ ਮੁਹੰਮਦ ਖਾਲਿਦ, ਯਾਸੀਨ ਜੋਸ਼, ਮੁਹੰਮਦ ਇਮਰਾਨ,ਇਸਵਰ ਅਰੋੜਾ,ਲਲੀਤ ਗੋਇਲ,ਸਾਗਰ ਗੇਰਾ,ਮਨਪ੍ਰੀਤ,ਤਰੁਨ ਜੈਨ ਤੋਂ ਇਲਾਵਾ ਹੋਰ ਵਪਾਰੀ, ਅਧਿਕਾਰੀ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!