“ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ” ਲਈ ਨਾਮਜ਼ਦਗੀਆਂ ਦੀ ਮੰਗ
ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 'ਨੈਸ਼ਨਲ ਅਵਾਰਡਜ਼ ਪੋਰਟਲ' 'ਤੇ ਜਮ੍ਹਾਂ ਕਰਵਾ ਸਕਦੇ ਹਨ

ਬਰਨਾਲਾ 23 ਅਪ੍ਰੈਲ ( ਸੂਤਰ )

ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਫ਼ਤ ਪ੍ਰਬੰਧਨ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕਰਨ ਲਈ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਹਰ ਸਾਲ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਦਿੱਤਾ ਜਾਂਦਾ ਹੈ। ਇਸ ਦਾ ਮੁੱਖ ਮਕਸਦ ਦੇਸ਼ ਵਿੱਚ ਆਫ਼ਤ ਰੋਕਥਾਮ, ਰਾਹਤ, ਮੁੜ ਵਸੇਬੇ ਆਦਿ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲਿਆਂ ਨੂੰ ਮਾਨਤਾ ਦੇਣਾ ਹੈ।

ਸ਼੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਰਾਸ਼ਟਰੀ ਪੁਰਸਕਾਰ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਸ ਪੁਰਸਕਾਰ ਲਈ ਵਿਅਕਤੀਗਤ ਤੇ ਸੰਸਥਾਗਤ ਸ਼੍ਰੇਣੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਨਾਮਜ਼ਦਗੀਆਂ ਸਾਲ ਭਰ ਖੁੱਲ੍ਹੀਆਂ ਰਹਿਣਗੀਆਂ। ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਸਿਰਫ ਆਨਲਾਈਨ ਮਾਧਿਅਮ ਰਾਹੀਂ ‘ਨੈਸ਼ਨਲ ਅਵਾਰਡਜ਼ ਪੋਰਟਲ’ ‘ਤੇ ਜਮ੍ਹਾਂ ਕਰਵਾ ਸਕਦੇ ਹਨ

ਡਿਪਟੀ ਕਮਿਸ਼ਨਰ ਨੇ ਵਧੇਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਈ ਵੀ ਭਾਰਤੀ ਨਾਗਰਿਕ ਜਾਂ ਭਾਰਤ ਵਿੱਚ ਕੰਮ ਕਰ ਰਹੀ ਸੰਸਥਾ, ਗੈਰ-ਸਰਕਾਰੀ ਸੰਸਥਾਵਾਂ (NGOs), ਅਕਾਦਮਿਕ ਸੰਸਥਾਵਾਂ, ਨਿੱਜੀ ਖੇਤਰ ਦੀਆਂ ਇਕਾਈਆਂ ਅਤੇ ਸਰਕਾਰੀ ਵਿਭਾਗ ਇਸ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ। ਸਵੈ-ਨਾਮਜ਼ਦਗੀ ਅਤੇ ਤੀਜੀ ਧਿਰ ਦੁਆਰਾ ਨਾਮਜ਼ਦਗੀ ਦੋਵੇਂ ਸਵੀਕਾਰ ਹਨ।

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਬੰਧਤ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਯੋਗ ਵਿਅਕਤੀਆਂ ਅਤੇ ਟੀਮਾਂ ਦੀ ਪਛਾਣ ਕਰਨ ਜਿਨ੍ਹਾਂ ਨੇ ਮੁਸ਼ਕਿਲ ਹਾਲਾਤਾਂ ਵਿੱਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨਿਵੇਕਲੇ ਕੰਮ ਕੀਤੇ ਹਨ, ਤਾਂ ਜੋ ਬਰਨਾਲਾ ਜ਼ਿਲ੍ਹੇ ਦੇ ਯੋਗਦਾਨ ਨੂੰ ਰਾਸ਼ਟਰੀ ਪੱਧਰ ‘ਤੇ ਪਛਾਣ ਮਿਲ ਸਕੇ




