ਵਿਧਾਇਕ ਅਮਰਗੜ੍ਹ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ ਅਮਰਗੜ੍ਹ ਹਲਕੇ ਵਿੱਚ ਕਰੀਬ 61 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਆਧੁਨਿਕ ਲੈਬਾਂ, ਕਲਾਸ ਰੂਮ ਅਤੇ ਚਾਰਦੀਵਾਰੀ ਨਾਲ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਹੋਇਆ ਹੋਰ ਮਜ਼ਬੂਤ - ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਅਮਰਗੜ੍ਹ 23 ਅਪ੍ਰੈਲ ( ਸੂਤਰ )

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਇਸੇ ਕੜੀ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪਿੰਡ ਖਾਨਪੁਰ, ਦੁੱਗਰੀ, ਹਥੋਆ, ਹੈਦਰ ਨਗਰ, ਬਾਦਸ਼ਾਹਪੁਰ ਅਤੇ ਸਰੋਦ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 60 ਲੱਖ 96 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਵਿਖੇ 10 ਲੱਖ 98 ਹਜ਼ਾਰ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਕਲਾਸ ਰੂਮ, ਸਰਕਾਰੀ ਹਾਈ ਸਕੂਲ ਦੁੱਗਰੀ ਵਿਖੇ 10 ਲੱਖ 98 ਹਜ਼ਾਰ ਰੁਪਏ ਨਾਲ ਸਾਇੰਸ ਲੈਬ, ਸਰਕਾਰੀ ਹਾਈ ਸਕੂਲ ਸਰੋਦ ਵਿਖੇ 10 ਲੱਖ 98 ਹਜ਼ਾਰ ਰੁਪਏ ਨਾਲ ਸਾਇੰਸ ਲੈਬ, ਸਰਕਾਰੀ ਮਿਡਲ ਸਕੂਲ ਹੈਦਰ ਨਗਰ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਬਾਦਸ਼ਾਹਪੁਰ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਕਰਕੇ ਪੰਜਾਬ ਦਾ ਚਹੁੰਮੁਖੀ ਵਿਕਾਸ ਸੰਭਵ ਹੋਇਆ ਹੈ ਅਤੇ ਇਸੇ ਸੋਚ ਕਰਕੇ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਰੱਕੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਨਿਵੇਕਲੇ ਉਪਰਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਦਦਗਾਰ ਸਾਬਤ ਹੋਣਗੇ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਸ਼ਹਿਰੀ ਸਕੂਲਾਂ ਦੇ ਪੱਧਰ ਦੀ ਸਿੱਖਿਆ ਪ੍ਰਾਪਤ ਹੋਵੇਗੀ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਸਿੱਖਿਆ ਦਾ ਮਿਆਰ ਹੋਰ ਉੱਚਾ ਹੋ ਸਕੇ।




