ਹੀਟ ਵੇਵ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ, ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਪਾਲਣਾ ਕਰੋ : ਆਸ਼ਿਕਾ ਜੈਨ
ਦੁਪਹਿਰ 12 ਤੋਂ 3 ਵਜੇ ਤੱਕ ਧੁੱਪ ‘ਚ ਨਿਕਲਣ ਤੋਂ ਬਚਣ ਦੀ ਅਪੀਲ

ਹੁਸ਼ਿਆਰਪੁਰ, 16 ਜੂਨ ( ਸੂਤਰ )

ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹੀਟ ਵੇਵ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਅਪੀਲ ਕੀਤੀ ਹੈ ਕਿ ਉਹ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵਿਸ਼ੇਸ਼ ਸਾਵਧਾਨੀ ਵਰਤਣ।

ਉਨ੍ਹਾਂ ਕਿਹਾ ਕਿ ਲੋਕ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੀ ਤਿੱਖੀ ਧੁੱਪ ਵਿੱਚ ਬਾਹਰ ਨਿਕਲਣ ਤੋਂ ਜਿੱਥੋਂ ਤੱਕ ਸੰਭਵ ਹੋਵੇ ਪਰਹੇਜ਼ ਕਰਨ। ਸਿਹਤ ਵਿਭਾਗ ਦੀ ਐਡਵਾਈਜ਼ਰੀ ਅਨੁਸਾਰ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ, ਮਜ਼ਦੂਰਾਂ, ਮੋਟਾਪੇ ਤੋਂ ਪੀੜਤ ਵਿਅਕਤੀਆਂ, ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਵੱਧ ਤਾਪਮਾਨ ਤੋਂ ਖ਼ਾਸ ਤੌਰ ’ਤੇ ਬਚਾਅ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਜੋ ਸਰੀਰ ਨੂੰ ਪੂਰੀ ਤਰ੍ਹਾਂ ਢੱਕਦੇ ਹੋਣ। ਇਸ ਤੋਂ ਇਲਾਵਾ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਜਾਣ ਤੋਂ ਬਚਿਆ ਜਾਵੇ।

ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਤਰਬੂਜ਼, ਖਰਬੂਜ਼ਾ, ਅੰਗੂਰ, ਖੀਰਾ, ਟਮਾਟਰ, ਘੀਆ ਅਤੇ ਤੋਰੀ ਵਰਗੇ ਮੌਸਮੀ ਫਲਾਂ ਅਤੇ ਸਬਜ਼ੀਆਂ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵੱਧ ਹੁੰਦੀ ਹੈ। ਇਸ ਦੇ ਨਾਲ ਹੀ ਓਆਰਐਸ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਵੀ ਵੱਧ ਤੋਂ ਵੱਧ ਸੇਵਨ ਕੀਤਾ ਜਾਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਨ ਦੇ ਸਭ ਤੋਂ ਗਰਮ ਸਮੇਂ ਦੌਰਾਨ ਖਾਣਾ ਬਣਾਉਣ ਤੋਂ ਬਚਣਾ ਚਾਹੀਦਾ ਹੈ ਅਤੇ ਰਸੋਈ ਵਿੱਚ ਉਚਿਤ ਹਵਾਦਾਰੀ ਬਣਾਈ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਲੋਕਾਂ ਨੂੰ ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੇ ਸੇਵਨ ਤੋਂ ਦੂਰ ਰਹਿਣ ਅਤੇ ਚਾਹ ਤੇ ਕੌਫ਼ੀ ਦੀ ਸੀਮਤ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਤਲੇ ਹੋਏ ਅਤੇ ਬਾਹਰਲੇ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਬਚਣ ਦੀ ਵੀ ਸਲਾਹ ਦਿੱਤੀ।

ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਸਾਵਧਾਨੀ ਅਪਣਾ ਕੇ ਲੂ ਅਤੇ ਗਰਮੀ ਕਾਰਨ ਹੋਣ ਵਾਲੀਆਂ ਗੰਭੀਰ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।




