ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਲਈ ਰਜਿਸਟ੍ਰੇਸ਼ਨ ਲਾਜਮੀ

ਮਾਲੇਰਕੋਟਲਾ, 28 ਅਪ੍ਰੈਲ ( ਵਾਸ਼ਿਸ਼ਟ )

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ (Direct Seeding of Rice – DSR) ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸ ਯੋਜਨਾ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ ਹੈ। ਕਿਸਾਨ ਭਰਾ https://testagrisubsidy.agrimachinerypb.com/#/dsr-registration
ਲਿੰਕ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਆਪਣੀ ਸਹਿਮਤੀ ਦਰਜ ਕਰ ਸਕਦੇ ਹਨ। ਰਜਿਸਟ੍ਰੇਸ਼ਨ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਨੰਬਰ ਭਰਨਾ ਹੋਵੇਗਾ, ਜਦਕਿ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਪਹਿਲਾਂ ਤੋਂ ਅਨਾਜ ਖਰੀਦ ਜਾਂ ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਮੰਨੀ ਜਾਵੇਗੀ।

ਉਨ੍ਹਾਂ ਹੋਰ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਕਿਸਾਨਾਂ ਵੱਲੋਂ ਸਿਰਫ਼ ਸਿੱਧੀ ਬਿਜਾਈ ਹੇਠ ਆਉਣ ਵਾਲੀ ਜ਼ਮੀਨ ਦੇ ਵੇਰਵੇ, ਜਿਵੇਂ ਕਿ ਜ਼ਿਲ੍ਹਾ, ਤਹਿਸੀਲ/ਸਬ-ਤਹਿਸੀਲ, ਪਿੰਡ, ਖੇਵਟ ਅਤੇ ਖਸਰਾ ਨੰਬਰ ਸਮੇਤ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕਾਸ਼ਤਕਾਰ ਉਕਤ ਲਿੰਕ ‘ਤੇ 10 ਮਈ 2026 ਤੋਂ ਖੁਦ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ 2026 ਤੱਕ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾਵੇਗੀ।

ਡਾ. ਧਰਮਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਾਣੀ ਦੀ ਬਚਤ ਦੇ ਨਾਲ-ਨਾਲ ਖੇਤੀ ਖਰਚ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।




