ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ

ਮਾਲੇਰਕੋਟਲਾ, 30 ਅਪ੍ਰੈਲ ( ਵਾਸ਼ਿਸ਼ਟ )

ਪ੍ਰਧਾਨ ਜਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜਿਲ੍ਹਾ ਸੈਨਿਕ ਬੋਰਡ, ਮਾਲੇਰਕੋਟਲਾ ਦੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨਾਲ ਸੰਬੰਧਿਤ ਪੈਂਡਿੰਗ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਸ਼ਹੀਦ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਲ੍ਹਾ ਮਾਲੇਰਕੋਟਲਾ ਵਿੱਚ ਜਿਲ੍ਹਾ ਸੈਨਿਕ ਬੋਰਡ ਦੇ ਦਫਤਰ ਲਈ ਢੁਕਵੀਂ ਅਤੇ ਸੁਵਿਧਾਜਨਕ ਜਗ੍ਹਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਯਤਨ ਕੀਤੇ ਜਾਣਗੇ, ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਸਕੱਤਰ ਜਿਲ੍ਹਾ ਸੈਨਿਕ ਬੋਰਡ-ਕਮ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਵੱਲੋਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।

ਉਨ੍ਹਾਂ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ, ਨਕਾਰਾ ਹੋਏ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੀ ਭਲਾਈ ਲਈ ਖੁੱਲ੍ਹ ਕੇ ਯੋਗਦਾਨ ਪਾਇਆ ਜਾਵੇ।




