ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਢਾਈ ਮਹੀਨੇ ਦੇ ਪੁੱਤਰ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ

ਜਲੰਧਰ 30 ਜੂਨ ( ਸੂਤਰ )

ਜ਼ਿਲ੍ਹੇ ਵਿੱਚ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਢਾਈ ਮਹੀਨੇ ਦੇ ਪੁੱਤਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ਗਈ।

ਮਾਪਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ ਤਾਂ ਜੋ ਭਾਰਤ ਪੋਲੀਓ ਮੁਕਤ ਦੇਸ਼ ਬਣਿਆ ਰਹੇ। ਉਨ੍ਹਾਂ ਵਸਨੀਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਯੋਗ ਬੱਚਾ ਇਸ ਮੁਹਿੰਮ ਦੌਰਾਨ ਕਵਰ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹਿੰਮ ਦੀ ਸਫ਼ਲਤਾ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜ਼ਿਲ੍ਹੇ ਭਰ ਵਿੱਚ 2,203 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 2,107 ਹਾਊਸ ਟੂ ਹਾਊਸ ਟੀਮਾਂ, 66 ਮੋਬਾਈਲ ਟੀਮਾਂ ਅਤੇ 30 ਟਰਾਂਜ਼ਿਟ ਟੀਮਾਂ ਸ਼ਾਮਲ ਹਨ। ਟੀਕਾਕਰਨ ਮੁਹਿੰਮ ਦੀ ਨੇੜਿਓਂ ਨਿਗਰਾਨੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ 267 ਸੁਪਰਵਾਈਜ਼ਰ ਵੀ ਤਾਇਨਾਤ ਕੀਤੇ ਗਏ ਹਨ।




