Uncategorized

ਪੰਜਾਬ ਸਰਕਾਰ ਵੱਲੋਂ ‘ਐਸ.ਆਈ.ਆਰ.’ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

30 ਸਤੰਬਰ 2026 ਤੱਕ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਨਹੀਂ ਲਏ ਜਾਣਗੇ

ਮਾਲੇਰਕੋਟਲਾ, 3 ਜੁਲਾਈ ( ਸੂਤਰ )


ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਨਾਗਰਿਕਾਂ ਲਈ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰ ਦਿੱਤੇ ਗਏ ਹਨ। ਇਸ ਫ਼ੈਸਲੇ ਦਾ ਉਦੇਸ਼ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ ਬਿਨਾਂ ਕਿਸੇ ਵਿੱਤੀ ਬੋਝ ਦੇ ਪ੍ਰਾਪਤ ਕਰਵਾਉਣਾ ਅਤੇ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਅੰਦਰ ਨਿਰਵਿਘਨ ਢੰਗ ਨਾਲ ਮੁਕੰਮਲ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣ ਦੀ ਲੋੜ ਪੈਂਦੀ ਹੈ।

ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਵਿੱਚ 30 ਸਤੰਬਰ 2026 ਤੱਕ ਪੂਰੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵਿੱਚ ਆਰਥਿਕ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਇਸ ਛੋਟ ਦੇ ਦਾਇਰੇ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨ ਵਰਗੀਆਂ ਪ੍ਰਮੁੱਖ ਸੇਵਾਵਾਂ ਸ਼ਾਮਲ ਹਨ। ਇਹ ਸਹੂਲਤ ਸੇਵਾ ਕੇਂਦਰਾਂ, ‘ਘਰ ਦੇ ਨੇੜੇ’ ਸੇਵਾਵਾਂ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ 30 ਸਤੰਬਰ 2026 ਤੱਕ ਉਪਲਬਧ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਨਿਰਦੇਸ਼ ਸਾਰੇ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!