ਐਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਲਈ ਸੋਧਿਆ ਸ਼ਡਿਊਲ ਜਾਰੀ
ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨਿਊਮਰੇਸ਼ਨ ਦਾ ਕੰਮ 03 ਅਗਸਤ 2026 ਤੱਕ ਜਾਰੀ ਰਹੇਗਾ

ਮਾਲੇਰਕੋਟਲਾ, 16 ਜੁਲਾਈ ( ਵਾਸ਼ਿਸ਼ਟ )

ਭਾਰਤ ਚੋਣ ਕਮਿਸ਼ਨ ਵੱਲੋਂ 01 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦੇ ਹੋਏ ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਜਾ ਕੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਐਨਿਊਮਰੇਸ਼ਨ ਨਾਲ ਸਬੰਧਤ ਕੰਮ ਹੁਣ 03 ਅਗਸਤ 2026 ਤੱਕ ਜਾਰੀ ਰਹਿਣਗੇ। ਇਸ ਤੋਂ ਬਾਅਦ 03 ਅਗਸਤ 2026 ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ/ਪੁਨਰ-ਵਿਵਸਥਾ ਦੀ ਪ੍ਰਕਿਰਿਆ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਕਾਰਜਕ੍ਰਮ ਅਨੁਸਾਰ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਨੂੰ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਮਿਲੇਗਾ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ.-2026 ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਬੀ.ਐਲ.ਓਜ਼ ਵੱਲੋਂ ਘਰ-ਘਰ ਪਹੁੰਚ ਦੌਰਾਨ ਲੋੜੀਂਦੀ ਜਾਣਕਾਰੀ ਅਤੇ ਐਨਿਊਮਰੇਸ਼ਨ ਫਾਰਮ ਸਬੰਧੀ ਕਾਰਵਾਈ ਸਮੇਂ ਸਿਰ ਪੂਰੀ ਕਰਵਾਉਣ। ਉਨ੍ਹਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਬੂਥ ਲੈਵਲ ਏਜੰਟਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ।

ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਅਧਿਕਾਰੀਆਂ ਅਤੇ ਚੋਣ ਅਮਲੇ ਨੂੰ ਸੋਧੇ ਹੋਏ ਸ਼ਡਿਊਲ ਅਨੁਸਾਰ ਸਾਰੇ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।




