Uncategorized

ਜ਼ੋਨਲ ਖੇਡਾਂ ਤਹਿਤ ਭੋਗੀਵਾਲ ਵਿਖੇ ਕਰਾਟੇ, ਟੇਬਲ ਟੈਨਿਸ ਅਤੇ ਸ਼ਤਰੰਜ ਦੇ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ, ਅਨੁਸ਼ਾਸਿਤ ਅਤੇ ਮਜ਼ਬੂਤ ਜੀਵਨ ਵੱਲ ਪ੍ਰੇਰਿਤ ਕਰਦੀਆਂ ਹਨ- ਜਸਵੀਰ ਕੌਰ

ਮਾਲੇਰਕੋਟਲਾ, 16 ਜੁਲਾਈ ( ਵਾਸ਼ਿਸ਼ਟ )


ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਸ਼ਨ 2026-27 ਲਈ ਕਰਵਾਈਆਂ ਜਾ ਰਹੀਆਂ ਜੋਨ ਭੋਗੀਵਾਲ ਦੀਆਂ ਖੇਡਾਂ ਅਧੀਨ ਕਰਾਟੇ, ਟੇਬਲ ਟੈਨਿਸ ਅਤੇ ਸ਼ਤਰੰਜ ਦੇ ਮੁਕਾਬਲੇ ਸਥਾਨਕ ਸੀਤਾ ਗਰਾਮਰ ਸਕੂਲ ਵਿਖੇ ਸਫਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮੁਕਾਬਲਿਆਂ ਵਿੱਚ ਸੀਤਾ ਗਰਾਮਰ ਸਕੂਲ, ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰਾ, ਦਾ ਟਾਊਨ ਸਕੂਲ ਬਾਲੇਵਾਲ, ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂਮਾਜਰਾ, ਸਰਕਾਰੀ ਹਾਈ ਸਕੂਲ ਸਰੌਦ ਅਤੇ ਸਰਕਾਰੀ ਹਾਈ ਸਕੂਲ ਨਾਰੋਮਾਜਰਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਮੁਕਾਬਲਿਆਂ ਨੂੰ ਉਤਸ਼ਾਹਪੂਰਨ ਬਣਾਇਆ। ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਦੀ ਚੋਣ ਅਗਲੇ ਪੜਾਅ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਕੀਤੀ ਗਈ।

ਇਸ ਮੌਕੇ ਸੀਤਾ ਗਰਾਮਰ ਸਕੂਲ ਦੀ ਪ੍ਰਿੰਸੀਪਲ ਜਸਵੀਰ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਦੀ ਭਾਵਨਾ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਮਜ਼ਬੂਤ ਕਰਨ ਦਾ ਪ੍ਰਭਾਵਸ਼ਾਲੀ ਸਾਧਨ ਹੈ। ਖੇਡਾਂ ਵਿੱਚ ਸਰਗਰਮ ਨੌਜਵਾਨ ਆਪਣੀ ਊਰਜਾ ਨੂੰ ਸਿਰਜਣਾਤਮਕ ਦਿਸ਼ਾ ਵਿੱਚ ਲਗਾ ਕੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹੋਏ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੋਨ ਭੋਗੀਵਾਲ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!