ਅਖਤਰੀ ਖਾਤੂਨ ਨੇ ਨਗਰ ਕੌਂਸਲ ਮਾਲੇਰਕੋਟਲਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਅਖਤਰੀ ਖਾਤੂਨ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ ਵਿਕਾਸ ਨੂੰ ਮਿਲੇਗੀ ਨਵੀਂ ਗਤੀ- ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ, 17 ਜੁਲਾਈ ( ਵਾਸ਼ਿਸ਼ਟ )

ਨਗਰ ਕੌਂਸਲ ਮਾਲੇਰਕੋਟਲਾ ਦੀ ਨਵ-ਨਿਯੁਕਤ ਪ੍ਰਧਾਨ ਅਖਤਰੀ ਖਾਤੂਨ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇ ਚਹੁੰ-ਤਰਫ਼ੇ ਵਿਕਾਸ, ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ, ਸੀਵਰੇਜ, ਪੀਣ ਵਾਲਾ ਪਾਣੀ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਕੌਂਸਲ ਵੱਲੋਂ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੌਂਸਲਰਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਮਾਲੇਰਕੋਟਲਾ ਨੂੰ ਇੱਕ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਤ ਸ਼ਹਿਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾਵੇਗਾ।

ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਫਲੈਗਸ਼ਿਪ ਯੋਜਨਾਵਾਂ-ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਰੋਜ਼ਗਾਰ ਦੇ ਮੌਕੇ ਅਤੇ ਮਹਿਲਾਵਾਂ, ਨੌਜਵਾਨਾਂ ਤੇ ਹਰ ਵਰਗ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ-ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸਮੁਖੀ ਏਜੰਡੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨਗਰ ਕੌਂਸਲ ਦੀ ਭੂਮਿਕਾ ਅਹਿਮ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਖੱਤਰੀ ਖਾਤੂਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦਿਆਂ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।

ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਅਖਤਰੀ ਖਾਤੂਨ ਨੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਪੰਜਾਬ ਸਰਕਾਰ, ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਮਾਲੇਰਕੋਟਲਾ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਉਨ੍ਹਾਂ ਸਮੂਹ ਕੌਂਸਲਰਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਮਾਲੇਰਕੋਟਲਾ ਨੂੰ ਹੋਰ ਵਿਕਸਤ ਅਤੇ ਬਿਹਤਰ ਸ਼ਹਿਰ ਬਣਾਇਆ ਜਾਵੇਗਾ।

ਇਸ ਮੌਕੇ ਚੇਅਰਮੈਂਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰੀ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ,ਚੇਅਰਮੈਂਨ ਬਲਾਕ ਸੰਮਤੀ ਸੰਤੋਖ ਸਿੰਘ , ਵਾਈਸ ਚੇਅਰਪਰਸਨ ਮੁਹੰਮਦ ਬਸ਼ੀਰ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ,ਏ.ਕੇ.ਵਾਈ. ਮੁਨਿਸ ਰਹਿਮਾਨ,,ਗੁਰਮੁੱਖ ਸਿੰਘ,ਹਨੀਫ ,ਬਲਾਕ ਪ੍ਰਧਾਨ ਅਸਲਮ ਭੱਟੀ, ਚਰਨਜੀਤ ਸਿੰਘ ਚੀਮਾ, ਐਮ.ਸੀ.ਮੁਨਸੀ ਫਾਰੂਕ,ਸਬਰੀ,ਹਾਜੀ ਨੂਰਦੀਨ, ਅਸਰਫ ਅਬਦੁਲਾ,ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ ।




