Uncategorized

ਭਲਕੇ 19 ਜੁਲਾਈ ਨੂੰ ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ

ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੋਟਰਾਂ ਦੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਲਈ ਲੱਗਣਗੇ ਕੈਂਪ

ਮਾਲੇਰਕੋਟਲਾ, 18 ਜੁਲਾਈ ( ਵਾਸ਼ਿਸ਼ਟ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਭਲਕੇ 19 ਜੁਲਾਈ 2026, ਦਿਨ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਵੋਟਰਾਂ ਨੇ ਹਾਲੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ (ਗਣਨਾ ਫਾਰਮ) ਜਮ੍ਹਾਂ ਨਹੀਂ ਕਰਵਾਏ ਜਾਂ ਜਿਨ੍ਹਾਂ ਦੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ, ਉਹ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਂਦਿਆਂ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣਾ ਕੰਮ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਕੈਂਪ ਵੋਟਰਾਂ ਨੂੰ ਆਪਣੇ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਮੌਕਾ ਪ੍ਰਦਾਨ ਕਰਨਗੇ।

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਕੈਂਪਾਂ ਦੌਰਾਨ ਵੀ ਬੂਥ ਲੈਵਲ ਅਫ਼ਸਰ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਇਸ ਪ੍ਰਕਿਰਿਆ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਸ੍ਰੀ ਤਿੜਕੇ ਨੇ ਕਿਹਾ ਕਿ ਜਿਨ੍ਹਾਂ ਬੀ.ਐਲ.ਓਜ਼ ਨੇ ਆਪਣੇ ਬੂਥਾਂ ਦੇ ਐਨਿਊਮਰੇਸ਼ਨ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰ ਲਈ ਹੈ, ਉਹ ਹੁਣ ਬੂਥ ਲੈਵਲ ਏਜੰਟਾਂ ਨਾਲ ਮੀਟਿੰਗਾਂ ਕਰਕੇ ਵੋਟਰ ਸੂਚੀਆਂ ਵਿੱਚ ਪਾਈਆਂ ਜਾਣ ਵਾਲੀਆਂ ਤਾਰਕਿਕ ਵਿਸੰਗਤੀਆਂ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ’ਤੇ ਧਿਆਨ ਦੇਣਗੇ। ਜਿਨ੍ਹਾਂ ਬੀ.ਐਲ.ਓਜ਼ ਨੇ ਵੱਡੀ ਗਿਣਤੀ ਵਿੱਚ ਫਾਰਮ ਇਕੱਠੇ ਕਰ ਲਏ ਹਨ ਪਰ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਬਾਕੀ ਹੈ, ਉਹ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਠੇ ਕਰਨਗੇ। ਇਸੇ ਤਰ੍ਹਾਂ, ਜਿਨ੍ਹਾਂ ਬੀ.ਐਲ.ਓਜ਼ ਕੋਲ ਅਜੇ ਘੱਟ ਗਿਣਤੀ ਵਿੱਚ ਫਾਰਮ ਪ੍ਰਾਪਤ ਹੋਏ ਹਨ, ਉਹ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੋਵਾਂ ਕੰਮਾਂ ਨੂੰ ਤਰਜੀਹ ਦੇਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸ਼ੁੱਧ ਅਤੇ ਭਰੋਸੇਯੋਗ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਸਮੂਹ ਯੋਗ ਵੋਟਰਾਂ, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ।

Related Articles

Leave a Reply

Your email address will not be published. Required fields are marked *

Back to top button
error: Content is protected !!