Uncategorized

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਲਗਾਏ ਜਾਣਗੇ 6.50 ਲੱਖ ਰੁੱਖ ਅਤੇ ਪੌਦੇ: ਡਿਪਟੀ ਕਮਿਸ਼ਨਰ

ਵਿਰਾਜ ਐਸ. ਤਿੜਕੇ ਨੇ ਫਲਦਾਰ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦਾ ਕੀਤਾ ਆਗਾਜ਼

ਮਾਲੇਰਕੋਟਲਾ, 20 ਜੁਲਾਈ ( ਵਾਸ਼ਿਸ਼ਟ )


ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮਾਨਸੂਨ ਸੀਜ਼ਨ ਦੌਰਾਨ ਵਾਤਾਵਰਣ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਆਪਣੇ ਦਫ਼ਤਰ ਵਿਖੇ ਫਲਦਾਰ ਪੌਦਾ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਸੁਪਰਡੈਂਟ ਅਮ੍ਰਿੰਤਪਾਲ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਕੁਮਾਰ, ਸਮਾਜ ਸੇਵੀ ਅਸ਼ੋਕ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਸਾਂਝੀਆਂ ਥਾਵਾਂ ’ਤੇ ਲਗਭਗ 6.50 ਲੱਖ ਰੁੱਖ ਅਤੇ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕੇਵਲ ਰੁੱਖ ਲਗਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਨੂੰ ਵਾਤਾਵਰਣ ਸੰਭਾਲ ਦੀ ਲੋਕ ਲਹਿਰ ਬਣਾਇਆ ਜਾਵੇਗਾ।

ਤਿੜਕੇ ਨੇ ਸਮਾਜ ਸੇਵੀ ਸੰਸਥਾਵਾਂ, ਵਿਦਿਅਕ ਸੰਸਥਾਵਾਂ, ਪੰਚਾਇਤਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਛਾਂਦਾਰ, ਫਲਦਾਰ ਅਤੇ ਸਜਾਵਟੀ ਪੌਦੇ ਲਗਾਉਣ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣਾ ਵਾਤਾਵਰਣ ਸੰਭਾਲ ਵੱਲ ਪਹਿਲਾ ਕਦਮ ਹੈ, ਪਰ ਉਸ ਦੀ ਨਿਯਮਤ ਸਿੰਚਾਈ, ਸੰਭਾਲ ਅਤੇ ਸੁਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਅਤੇ ਸਾਂਝੀਆਂ ਥਾਵਾਂ ’ਤੇ ਲਗਾਉਣ ਲਈ ਪੌਦੇ ਉਪਲਬਧ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਸੇਵਾ ਅਤੇ ਕੁਦਰਤ ਨਾਲ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਇਸ ਲਈ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਹਰਿਆਲੀ ਵਧਾਉਣ ਦੇ ਉਪਰਾਲੇ ਨਾਲ ਮਨਾਉਣਾ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਮਲ ਵਿੱਚ ਲਿਆਉਣ ਦਾ ਸਾਰਥਕ ਯਤਨ ਹੈ। ਉਨ੍ਹਾਂ ਕਿਹਾ ਕਿ ਰੁੱਖ ਪੰਛੀਆਂ ਅਤੇ ਜੀਵ-ਜੰਤੂਆਂ ਲਈ ਕੁਦਰਤੀ ਆਸਰਾ ਹੋਣ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਸੁਧਾਰਨ ਅਤੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਬਲਾਕਾਂ ਵਿੱਚ ‘ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ’ਵਿਕਸਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਸਰਕਾਰੀ ਸਕੂਲਾਂ ਵਿੱਚ ਵੀ ਵੱਡੇ ਪੱਧਰ ’ਤੇ ਪੌਦੇ ਲਗਾਏ ਜਾਣਗੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਦਾ ਸੰਕਲਪ ਲਵੇ।

ਉਨ੍ਹਾਂ ਕਿਹਾ ਕਿ ਆਓ, ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਹਰਿਆਲੀ ਦਾ ਤੋਹਫ਼ਾ ਦੇਈਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼, ਸਿਹਤਮੰਦ ਅਤੇ ਹਰਿਆ-ਭਰਿਆ ਵਾਤਾਵਰਣ ਸੁਰੱਖਿਅਤ ਕਰਨ ਵਿੱਚ ਆਪਣਾ ਯੋਗਦਾਨ ਪਾਈਏ।

Related Articles

Leave a Reply

Your email address will not be published. Required fields are marked *

Back to top button
error: Content is protected !!