ਲੁਧਿਆਣਾ ਵਿਖੇ 22 ਜੁਲਾਈ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਮਾਲੇਰਕੋਟਲਾ ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਸ਼ਮੂਲੀਅਤ ਦਾ ਸੱਦਾ
ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਵਚਨਬੱਧ

ਮਾਲੇਰਕੋਟਲਾ, 20 ਜੁਲਾਈ ( ਵਾਸ਼ਿਸ਼ਟ )

ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਗੈਰ-ਨਿਵਾਸੀ ਭਾਰਤੀਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 22 ਜੁਲਾਈ ਨੂੰ ਲੁਧਿਆਣਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਸਮਾਗਮ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਐਨ.ਆਰ.ਆਈ. ਭਾਈਚਾਰੇ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਨਾਲ ਜੁੜੇ ਮਸਲਿਆਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮਿਲਣੀ ਦੌਰਾਨ ਮਾਲੇਰਕੋਟਲਾ ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਸਬੰਧਤ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਦੇ ਧਿਆਨ ਵਿੱਚ ਲਿਆ ਸਕਣਗੇ। ਇਸ ਨਾਲ ਉਨ੍ਹਾਂ ਨੂੰ ਆਪਣੇ ਮਸਲਿਆਂ ਦੇ ਨਿਪਟਾਰੇ ਲਈ ਇੱਕੋ ਮੰਚ ’ਤੇ ਸਬੰਧਤ ਵਿਭਾਗਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਵਚਨਬੱਧ ਹੈ। ਉਨ੍ਹਾਂ ਮਾਲੇਰਕੋਟਲਾ ਜ਼ਿਲ੍ਹੇ ਨਾਲ ਸਬੰਧਤ ਸਾਰੇ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮਿਲਣੀ ਵਿੱਚ ਸ਼ਮੂਲੀਅਤ ਕਰਕੇ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਤੇ ਸੁਝਾਅ ਸਾਂਝੇ ਕਰਨ ।




