ਆਈ.ਜੀ.ਪੀ. ਬਲਜੋਤ ਸਿੰਘ ਰਾਠੌਰ ਦੀ ਅਗਵਾਈ ਹੇਠ ਮਾਲੇਰਕੋਟਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਸ਼ੇਸ਼ ਕਾਸੋ (CASO) ਸਰਚ ਅਭਿਆਨ
ਪਿੰਡ ਬਾਗੜੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਖ਼ਤ ਚੈਕਿੰਗ, ਵੱਖ-ਵੱਖ ਮਾਮਲਿਆਂ ਵਿੱਚ 03 ਸ਼ੱਕੀ ਵਿਅਕਤੀ ਕਾਬੂ

ਮਾਲੇਰਕੋਟਲਾ, 24 ਜੁਲਾਈ ( ਸੂਤਰ )

ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ਕਾਸੋ (CASO) ਸਰਚ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਇੰਸਪੈਕਟਰ ਜਨਰਲ ਪੁਲਿਸ, ਜੀ.ਆਰ.ਪੀ. ਪਟਿਆਲਾ ਰੇਂਜ, ਸ੍ਰੀ ਬਲਜੋਤ ਸਿੰਘ ਰਾਠੌਰ, ਆਈ.ਪੀ.ਐਸ. ਵੱਲੋਂ ਖੁਦ ਕੀਤੀ ਗਈ।

ਇਸ ਦੌਰਾਨ ਪਿੰਡ ਬਾਗੜੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਖ਼ਤ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਸ੍ਰੀ ਗੁਰਮੀਤ ਸਿੰਘ, ਡੀ.ਐੱਸ.ਪੀ. ਅਮਰਗੜ੍ਹ ਸ੍ਰੀ ਸੰਜੀਵ ਕਪੂਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।

ਅਭਿਆਨ ਦੌਰਾਨ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਮਾਮਲਿਆਂ ਨਾਲ ਸਬੰਧਤ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਜਦਕਿ ਕਈ ਸ਼ੱਕੀ ਵਿਅਕਤੀਆਂ ਦੀ ਤਸਦੀਕ ਅਤੇ ਪੁੱਛਗਿੱਛ ਵੀ ਕੀਤੀ ਗਈ। ਇਸ ਤੋਂ ਇਲਾਵਾ ਸਬ-ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਮੌਕੇ ਆਈ.ਜੀ.ਪੀ. ਬਲਜੋਤ ਸਿੰਘ ਰਾਠੌਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ-ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਪੂਰੀ ਦ੍ਰਿੜਤਾ ਨਾਲ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਇਲਾਜ ਵੀ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜਨ-ਅੰਦੋਲਨ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਅਤੇ ਨਸ਼ਿਆਂ ਦੇ ਧੰਦੇ ਨਾਲ ਜੁੜੇ ਜਾਂ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।




