Uncategorized

ਪਰਾਲੀ ਪ੍ਰਬੰਧਨ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਕੀਤੀ ਭੌਤਿਕ ਪੜਤਾਲ

ਲਸੋਈ ਅਤੇ ਮੋਹਾਲਾ ਵਿਖੇ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਮਾਲੇਰਕੋਟਲਾ, 29 ਜੁਲਾਈ ( ਵਾਸ਼ਿਸ਼ਟ )


ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ, ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸੀ.ਆਰ.ਐਮ. (ਕਰਾਪ ਰੈਜ਼ੀਡਿਊ ਮੈਨੇਜਮੈਂਟ) ਸਕੀਮ ਅਧੀਨ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦੀ ਭੌਤਿਕ ਪੜਤਾਲ ਕੀਤੀ ਗਈ।

ਇਸ ਮੌਕੇ ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਭੌਤਿਕ ਪੜਤਾਲ ਦਾ ਮੁੱਖ ਉਦੇਸ਼ ਮਸ਼ੀਨਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਯੋਗ ਕਿਸਾਨਾਂ ਨੂੰ ਸਮੇਂ ਸਿਰ ਸਬਸਿਡੀ ਦਾ ਲਾਭ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਖੇਤੀ ਮਸ਼ੀਨਰੀ ਦੀ ਪ੍ਰਭਾਵਸ਼ਾਲੀ ਵਰਤੋਂ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਟਿਕਾਊ ਹੱਲ ਸੰਭਵ ਹੈ।

ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੈਪੀ ਸੀਡਰ, ਸੁਪਰ ਸੀਡਰ, ਸੁਪਰ ਐੱਸ.ਐੱਮ.ਐੱਸ., ਸ਼ਰੈਡਰ, ਬੇਲਰ ਅਤੇ ਹੋਰ ਸੀ.ਆਰ.ਐਮ. ਮਸ਼ੀਨਾਂ ਰਾਹੀਂ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਮੌਜੂਦ ਕੀਮਤੀ ਪੌਸ਼ਟਿਕ ਤੱਤ ਸੁਰੱਖਿਅਤ ਰਹਿੰਦੇ ਹਨ, ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ।

ਇਸੇ ਲੜੀ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਲਸੋਈ ਅਤੇ ਮੋਹਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ, ਸੀ.ਆਰ.ਐਮ. ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਫਸਲੀ ਰਹਿੰਦ-ਖੂੰਹਦ ਦਾ ਵਿਗਿਆਨਕ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਤੇ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਟਿਕਾਊ ਖੇਤੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!