Uncategorized

ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਡਾ. ਇੰਦਰਬੀਰ ਸਿੰਘ ਨਿੱਜਰ

ਵਿਧਾਇਕ ਨੇ ਸਫਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ 1 ਅਗਸਤ ( ਸੂਤਰ )


ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਭਲਾਈ, ਸਨਮਾਨ ਅਤੇ ਆਰਥਿਕ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।

ਸਥਾਨਕ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਫ਼ੈਸਲੇ ਲੈਂਦਿਆਂ ਸੂਬੇ ਭਰ ਵਿੱਚ 7 ਹਜ਼ਾਰ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ। ਇਸ ਤੋਂ ਇਲਾਵਾ ਠੇਕਾ ਆਧਾਰ ‘ਤੇ ਸੇਵਾਵਾਂ ਨਿਭਾ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਹੋਰ ਲੰਬਿਤ ਮੰਗਾਂ ‘ਤੇ ਵੀ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਉਨ੍ਹਾਂ ਦਾ ਪੜਾਅਵਾਰ ਹੱਲ ਕੀਤਾ ਜਾਵੇਗਾ। ਡਾ. ਨਿੱਜਰ ਨੇ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲੇ ਲਏ ਗਏ ਹਨ। ਇਨ੍ਹਾਂ ਵਿੱਚ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੰਬੇ ਸਮੇਂ ਤੋਂ ਰੁਕੀਆਂ ਸਰਕਾਰੀ ਭਰਤੀਆਂ ਮੁੜ ਸ਼ੁਰੂ ਕਰਨਾ, ਆਮ ਆਦਮੀ ਕਲੀਨਿਕਾਂ ਰਾਹੀਂ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ, ਸੂਬੇ ਭਰ ਵਿੱਚ ਸੜਕਾਂ ਦਾ ਵਿਆਪਕ ਵਿਕਾਸ, 19 ਤੋਂ ਵੱਧ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ ਅਤੇ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਾ ਪ੍ਰਮੁੱਖ ਉਪਲਬਧੀਆਂ ਹਨ।

ਡਾ. ਨਿੱਜਰ ਨੇ ਸਫਾਈ ਕਰਮਚਾਰੀ ਯੂਨੀਅਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ-ਹਿੱਤ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!