ਡਿਪਟੀ ਕਮਿਸ਼ਨਰ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ.-2026 ਦੀ ਪ੍ਰਗਤੀ ਦੀ ਕੀਤੀ ਵਿਸਥਾਰਪੂਰਵਕ ਸਮੀਖਿਆ
ਐਸ.ਆਈ.ਆਰ.-2026 ਤਹਿਤ ਮਾਲੇਰਕੋਟਲਾ ਨੇ 94.23 ਫ਼ੀਸਦੀ ਵੋਟਰ ਤਸਦੀਕ ਦਰਜ ਕੀਤੀ: ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 6 ਅਗਸਤ ( ਵਾਸ਼ਿਸ਼ਟ )

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਅਗਲੇ ਪੜਾਅ ਦੀਆਂ ਤਿਆਰੀਆਂ ਅਤੇ ਹੁਣ ਤੱਕ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਸਮਾਵੇਸ਼ਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰੀਆਂ ਧਿਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਅਤੇ ਸਿਆਸੀ ਪਾਰਟੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਦਾ ਕਾਰਜ ਸਫਲਤਾਪੂਰਵਕ ਸੰਪੰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਅਧੀਨ ਦਰਜ 3,25,433 ਵੋਟਰਾਂ ਵਿੱਚੋਂ 3,06,653 ਵੋਟਰਾਂ ਦੇ ਐਨੂਮਰੇਸ਼ਨ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜੋ ਕਿ 94.23 ਫ਼ੀਸਦੀ ਬਣਦਾ ਹੈ। ਇਹ ਕਾਰਗੁਜ਼ਾਰੀ ਜ਼ਿਲ੍ਹੇ ਨੂੰ ਸੂਬਾ ਪੱਧਰ ‘ਤੇ ਮੋਹਰੀ ਜ਼ਿਲ੍ਹਿਆਂ ਦੀ ਕਤਾਰ ਵਿੱਚ ਖੜ੍ਹਾ ਕਰਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਸਦੀਕ ਦੌਰਾਨ 18,780 ਅਜਿਹੇ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਮ੍ਰਿਤਕ, ਸਥਾਈ ਤੌਰ ‘ਤੇ ਹੋਰ ਥਾਵਾਂ ‘ਤੇ ਤਬਦੀਲ ਹੋ ਚੁੱਕੇ, ਗੈਰ-ਹਾਜ਼ਰ ਅਤੇ ਡੁਪਲੀਕੇਟ ਐਂਟਰੀਆਂ ਵਾਲੇ ਵੋਟਰ ਸ਼ਾਮਲ ਹਨ। । ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਸਾਰੇ ਮਾਮਲਿਆਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਹੀ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਐਸ.ਆਈ.ਆਰ.-2026 ਦੀ ਅਗਲੀ ਕਾਰਵਾਈ, ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ, ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਨਿਰਧਾਰਤ ਸਮਾਂ-ਸਾਰਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵੇ ਅਤੇ ਇਤਰਾਜ਼ ਦੇ ਨਿਪਟਾਰੇ ਸਬੰਧੀ ਨੋਟਿਸ 13 ਅਗਸਤ ਤੋਂ 08 ਅਕਤੂਬਰ ਤੱਕ ਜਾਰੀ ਕਰਕੇ ਅੰਤਿਮ ਪ੍ਰਕਾਸ਼ਨਾਂ 12 ਅਕਤੂਬਰ 2026 ਨੂੰ ਕੀਤੀ ਜਾਵੇਗੀ । ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 16 ਅਗਸਤ 2026 ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੁੱਧ, ਭਰੋਸੇਯੋਗ ਅਤੇ ਪਾਰਦਰਸ਼ੀ ਵੋਟਰ ਸੂਚੀ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਡਰਾਫਟ ਵੋਟਰ ਸੂਚੀ ਦੀ ਧਿਆਨ ਨਾਲ ਜਾਂਚ ਕਰਵਾਉਣ ਅਤੇ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਦਰਜ ਹੋਣ ਤੋਂ ਰਹਿ ਗਿਆ ਹੋਵੇ ਜਾਂ ਕਿਸੇ ਕਿਸਮ ਦੀ ਸੋਧ ਦੀ ਲੋੜ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਦਾਅਵੇ ਅਤੇ ਇਤਰਾਜ਼ ਜ਼ਰੂਰ ਦਰਜ ਕਰਵਾਏ ਜਾਣ।

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ-ਕਮ-ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਹਲਕਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਓਮ ਪ੍ਰਕਾਸ਼, ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ ਸੰਦੀਪ ਸੂਦ, ਕਾਂਗਰਸ ਪਾਰਟੀ ਤੋਂ ਸਿੰਦਰਪਾਲ ਸਿੰਘ, ਸੀ.ਪੀ.ਆਈ. (ਐੱਮ.) ਦੇ ਜ਼ਿਲ੍ਹਾ ਸਕੱਤਰ ਅਬਦੁਲ ਸਤਾਰ, ਸ਼੍ਰੋਮਣੀ ਅਕਾਲੀ ਦਲ ਤੋਂ ਸਫੂਲ ਅਸਲਮ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਅਤੇ ਹੋਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।




