ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ

ਫਰੀਦਕੋਟ 11 ਅਗਸਤ ( ਸੂਤਰ )

ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਹਿਤ ਫ਼ਰੀਦਕੋਟ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਗਿਆ। ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜੇ (ਡੀ-ਵਾਰਮਿੰਗ) ਦੀ ਦਵਾਈ ਦਿੱਤੀ ਗਈ ਅਤੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਿਹਤ, ਪੋਸ਼ਣ ਅਤੇ ਨਿੱਜੀ ਸਫ਼ਾਈ ਸਬੰਧੀ ਜਾਗਰੂਕ ਕੀਤਾ ਗਿਆ।


ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਦੀ ਵਰਤੋਂ ਤੋਂ ਬਾਅਦ ਸਾਬਣ ਨਾਲ ਹੱਥ ਧੋਣ, ਸਾਫ਼ ਪਾਣੀ ਪੀਣ, ਨਹੁੰ ਛੋਟੇ ਰੱਖਣ ਅਤੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਲੈਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਵਿਭਾਗ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿਹਤਮੰਦ ਰੱਖਣ ਲਈ ਪੋਸ਼ਟਿਕ ਖੁਰਾਕ ਦੇ ਨਾਲ-ਨਾਲ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਨਿੱਜੀ ਸਫ਼ਾਈ ਅਤੇ ਸਿਹਤਮੰਦ ਆਦਤਾਂ ਵਿਕਸਿਤ ਕਰਨਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਸੁਚੇਤ ਰਹਿਣ, ਉਨ੍ਹਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਤੇ ਪੋਸ਼ਣ ਸਬੰਧੀ ਮੁਹਿੰਮਾਂ ਵਿੱਚ ਸਹਿਯੋਗ ਕਰਨ ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿਹਤਮੰਦ, ਤੰਦਰੁਸਤ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ।




