ਰੱਖੜ ਪੁੰਨਿਆ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਵਿਧਾਇਕ ਦਲਬੀਰ ਸਿੰਘ ਟੌਂਗ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਅਤੇ ਦਾਣਾ ਮੰਡੀ ਰਈਆ ਦਾ ਦੌਰਾ

ਬਾਬਾ ਬਕਾਲਾ ਸਾਹਿਬ, 13 ਅਗਸਤ ( ਸੂਤਰ )

ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਇਕ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਦਲਵਿੰਦਰਜੀਤ ਸਿੰਘ ਅਤੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ. ਜਸ਼ਨਜੀਤ ਸਿੰਘ ਵੱਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਅਤੇ ਦਾਣਾ ਮੰਡੀ ਰਈਆ ਦਾ ਦੌਰਾ ਕਰਕੇ 28 ਅਗਸਤ ਨੂੰ ਰੱਖੜ ਪੁੰਨਿਆ ਦੇ ਪਾਵਨ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ 28 ਅਗਸਤ ਨੂੰ ਰੱਖੜ ਪੁੰਨਿਆ ਦੇ ਪਾਵਨ ਮੌਕੇ ਪੰਜਾਬ ਸਰਕਾਰ ਵੱਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸਮੇਤ ਹੋਰ ਕੈਬਨਿਟ ਮੰਤਰੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।

ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦਾ ਮੇਲਾ ਇਲਾਕੇ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲਾ ਵੱਡਾ ਸਮਾਗਮ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਨੇ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਸਮਾਂ ਰਹਿੰਦਿਆਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਦੀ ਆਵਾਜਾਈ, ਪਾਰਕਿੰਗ, ਟ੍ਰੈਫਿਕ ਪ੍ਰਬੰਧਨ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਿਜਲੀ, ਮੈਡੀਕਲ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਾਰੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਲਈ ਵੀ ਕਿਹਾ, ਤਾਂ ਜੋ ਸਮਾਗਮ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ. ਜਸ਼ਨਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।




