ਪਰਾਲੀ ਸਾੜਨ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਵਿੱਚ ਲਿਆਂਦੀ ਜਾਵੇਗੀ ਹੋਰ ਤੇਜ਼ੀ- ਡਾ. ਹਰਬੰਸ ਸਿੰਘ
ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਪੈਂਫਲੈਟ, ਸਰਟੀਫਿਕੇਟ, ਬੈਨਰ ਤੇ ਵਾਲ ਪੇਂਟਿੰਗਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

ਮਾਲੇਰਕੋਟਲਾ, 25 ਅਗਸਤ ( ਸੂਤਰ )

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਪ੍ਰਚਾਰ) ਗਤੀਵਿਧੀਆਂ ਰਾਹੀਂ ਪਿੰਡ ਪੱਧਰ ’ਤੇ ਕਿਸਾਨਾਂ ਤੱਕ ਪਰਾਲੀ ਨਾ ਸਾੜਨ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਦੋਵੇਂ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਪੈਂਫਲੈਟ, ਸਰਟੀਫਿਕੇਟ, ਫਲੈਕਸ/ਬੈਨਰ ਅਤੇ ਹੋਰ ਜਾਗਰੂਕਤਾ ਸਮੱਗਰੀ ਤਿਆਰ ਕਰਵਾ ਕੇ ਵੰਡੀ ਜਾਵੇਗੀ। ਜਾਗਰੂਕਤਾ ਸਮੱਗਰੀ ਰਾਹੀਂ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਨਾਲ ਹੀ, ਪਰਾਲੀ ਦੇ ਖੇਤ ਵਿੱਚ ਹੀ ਸੁਚੱਜੇ ਪ੍ਰਬੰਧਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੇ ਜਨਤਕ ਸਥਾਨਾਂ ’ਤੇ ਵਾਲ ਪੇਂਟਿੰਗਾਂ ਵੀ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਵਿੱਚ ਲਗਭਗ 250 ਵਾਲ ਪੇਂਟਿੰਗਾਂ ਕਰਵਾਉਣ ਦਾ ਟੀਚਾ ਹੈ ਅਤੇ ਹਰੇਕ ਵਾਲ ਪੇਂਟਿੰਗ ਦਾ ਆਕਾਰ ਘੱਟੋ-ਘੱਟ 30 ਵਰਗ ਫੁੱਟ ਹੋਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਾਗਰੂਕਤਾ ਸਮੱਗਰੀ ਦੀ ਪ੍ਰਿਟਿੰਗ ਅਤੇ ਵਾਲ ਪੇਂਟਿੰਗਾਂ ਦਾ ਕੰਮ ਕਰਵਾਇਆ ਜਾਣਾ ਹੈ। ਇਸ ਲਈ ਚਾਹਵਾਨ ਫਰਮਾਂ/ਵਿਅਕਤੀ 31 ਅਗਸਤ 2026 ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਇਸ ਨਾਲ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਦੀ ਸਥਿਰਤਾ ਕਾਇਮ ਰੱਖਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਅਤੇ ਫੀਲਡ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਤੇ ਤਕਨੀਕੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।



