ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਦਿਨ ਮਾਲੇਰਕੋਟਲਾ ਵਿੱਚ ਸਫ਼ਾਈ ਮੁਹਿੰਮ ਨੇ ਫੜੀ ਰਫ਼ਤਾਰ
ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖਤਮ ਕਰਨ ਦੇ ਨਾਲ ਗਿੱਲੇ-ਸੁੱਕੇ ਕੂੜੇ ਦੀ ਵੱਖ-ਵੱਖ ਸੰਭਾਲ ’ਤੇ ਦਿੱਤਾ ਜਾ ਰਿਹਾ ਜ਼ੋਰ

ਮਾਲੇਰਕੋਟਲਾ, 30 ਅਗਸਤ ( ਸੂਤਰ )


ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਦਿਨ ਮਾਲੇਰਕੋਟਲਾ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਗਈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਕੌਂਸਲ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਦੀ ਨਿਗਰਾਨੀ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ।


ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖਤਮ ਕਰਨਾ ਅਤੇ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣਾ ਹੈ। ਸਫ਼ਾਈ ਕਰਮਚਾਰੀਆਂ ਵੱਲੋਂ ਜਨਤਕ ਥਾਵਾਂ, ਸੜਕਾਂ, ਗਲੀਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਕਰਨ ਦੇ ਨਾਲ-ਨਾਲ ਕੂੜੇ ਦੇ ਢੇਰਾਂ ਨੂੰ ਹਟਾਇਆ ਜਾ ਰਿਹਾ ਹੈ।

ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਨੇ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਸ਼ਹਿਰ ਵਿੱਚ ਰੋਜ਼ਾਨਾ ਘਰ-ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਵੱਖ-ਵੱਖ ਸੰਭਾਲ ਕਰਨ ਨਾਲ ਸਫ਼ਾਈ ਪ੍ਰਬੰਧ ਹੋਰ ਪ੍ਰਭਾਵਸ਼ਾਲੀ ਬਣਾਏ ਜਾ ਸਕਦੇ ਹਨ ਅਤੇ ਵਾਤਾਵਰਨ ਨੂੰ ਵੀ ਬਿਹਤਰ ਰੱਖਿਆ ਜਾ ਸਕਦਾ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਨੂੰ ਘਰ ਤੋਂ ਹੀ ਵੱਖ-ਵੱਖ ਰੱਖਣ, ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਕੂੜਾ ਇਕੱਠਾ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਹੀ ਸੌਂਪਣ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਦੇ ਯਤਨਾਂ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਮੁਹਿੰਮ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਰੋਜ਼ਾਨਾ ਦੀ ਆਦਤ ਬਣਾਉਣ ਨਾਲ ਹੀ ਮਾਲੇਰਕੋਟਲਾ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।




