Uncategorized

ਐਸ.ਆਈ.ਆਰ.-2026: ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਜਾਇਜ਼ਾ ਲੈਣ ਲਈ ਰੋਲ ਆਬਜ਼ਰਵਰ 2 ਸਤੰਬਰ ਨੂੰ ਮਾਲੇਰਕੋਟਲਾ ਪਹੁੰਚਣਗੇ

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਤੇ ਵੇਰਵਿਆਂ ਦੀ ਜਾਂਚ ਕਰਨ ਦੀ ਅਪੀਲ

ਮਾਲੇਰਕੋਟਲਾ, 31 ਅਗਸਤ ( ਸੂਤਰ )


ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (Special Intensive Revision–SIR-2026) ਤਹਿਤ ਚੱਲ ਰਹੀ ਪ੍ਰਕਿਰਿਆ ਦੀ ਨਿਗਰਾਨੀ ਅਤੇ ਜਾਇਜ਼ਾ ਲੈਣ ਲਈ ਨਿਯੁਕਤ ਰੋਲ ਆਬਜ਼ਰਵਰ ਗਰਪ੍ਰੀਤ ਸਿੰਘ ਖੈਰਾ ਆਈ.ਏ.ਐਸ ਵੱਲੋਂ 2 ਸਤੰਬਰ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਰੋਲ ਆਬਜ਼ਰਵਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਤ ਕੰਮਕਾਜ, ਚੋਣ ਡਾਟੇ ਅਤੇ ਮੈਦਾਨੀ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਰੋਲ ਆਬਜ਼ਰਵਰ ਵੱਲੋਂ 2 ਸਤੰਬਰ ਨੂੰ ਸਵੇਰੇ 10:30 ਵਜੇ ਮੀਟਿੰਗ ਹਾਲ, ਡਿਪਟੀ ਕਮਿਸ਼ਨਰ ਦਫ਼ਤਰ, ਮਾਲੇਰਕੋਟਲਾ ਵਿਖੇ ਸਬੰਧਤ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ.-2026 ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਦੁਪਹਿਰ 12:30 ਵਜੇ ਤੋਂ 1:00 ਵਜੇ ਤੱਕ ਲੋਕ ਸਭਾ/ਵਿਧਾਨ ਸਭਾ ਮੈਂਬਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ 1:00 ਵਜੇ ਤੋਂ 1:30 ਵਜੇ ਤੱਕ ਲੋਕ ਮਿਲਣੀ ਰੱਖੀ ਗਈ ਹੈ, ਜਿਸ ਦੌਰਾਨ ਆਮ ਲੋਕਾਂ ਦੀਆਂ ਵੋਟਰ ਸੂਚੀਆਂ ਨਾਲ ਸਬੰਧਤ ਸਮੱਸਿਆਵਾਂ, ਸੁਝਾਅ ਅਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਇਸ ਤੋਂ ਬਾਅਦ ਦੁਪਹਿਰ 2:30 ਵਜੇ ਤੋਂ ਸ਼ਾਮ 5:00 ਵਜੇ ਤੱਕ ਫਾਰਮਾਂ ਦੀ ਵੈਰੀਫਿਕੇਸ਼ਨ ਅਤੇ ਫੀਲਡ ਵਿਜ਼ਿਟ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਮਿਲਣੀ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਵੋਟਰ ਸੂਚੀਆਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ, ਸੁਝਾਅ ਜਾਂ ਇਤਰਾਜ਼ ਰੋਲ ਆਬਜ਼ਰਵਰ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਯੋਗ ਮਾਮਲਿਆਂ ਦਾ ਨਿਯਮਾਂ ਅਨੁਸਾਰ ਢੁਕਵਾਂ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਧਾਨ ਸਭਾ ਹਲਕੇ ਨਾਲ ਸਬੰਧਤ ਅਣਮੈਪਡ ਵੋਟਰਾਂ, ਲਾਜ਼ੀਕਲ ਡਿਸਕ੍ਰੇਪੈਂਸੀ ਵਾਲੇ ਵੋਟਰਾਂ, ਏ.ਐਸ.ਡੀ.ਡੀ. (ASDD) ਵੋਟਰਾਂ ਅਤੇ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਸਬੰਧੀ ਡਾਟਾ ਪੂਰੀ ਤਰ੍ਹਾਂ ਅਪਡੇਟ ਅਤੇ ਤਿਆਰ ਰੱਖਿਆ ਜਾਵੇ, ਤਾਂ ਜੋ ਰੋਲ ਆਬਜ਼ਰਵਰ ਵੱਲੋਂ ਮੰਗੀ ਜਾਣ ਵਾਲੀ ਹਰ ਜਾਣਕਾਰੀ ਤੁਰੰਤ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਦਰਜ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਦਰਜ ਵੇਰਵਿਆਂ ਵਿੱਚ ਕਿਸੇ ਤਰ੍ਹਾਂ ਦੀ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਮਜ਼ਬੂਤ ਨੀਂਹ ਹੈ ਅਤੇ ਹਰੇਕ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!