Uncategorized

ਸ਼੍ਰੀ ਗੁਰੂ ਰਵਿਦਾਸ ਜੀ ਦਾ ਬਰਾਬਰੀ, ਸਾਂਝੀਵਾਲਤਾ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਅੱਜ ਵੀ ਸਮਾਜ ਲਈ ਰੌਸ਼ਨੀ ਦੀ ਕਿਰਨ- ਡਾ ਜਮੀਲ ਉਰ ਰਹਿਮਾਨ

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬਰਾਬਰੀ ਲਈ ਦੌੜ’ ਵਿੱਚ ਵਿਧਾਇਕ ਮਾਲੇਰਕੋਟਲਾ ਨੇ ਕੀਤੀ ਸ਼ਮੂਲੀਅਤ

ਮਾਲੇਰਕੋਟਲਾ, 02 ਸਤੰਬਰ ( ਸੂਤਰ )


ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਕਰਵਾਈ ਗਈ 5 ਕਿਲੋਮੀਟਰ ‘ਬਰਾਬਰੀ ਲਈ ਦੌੜ’(Run for Equality) ਮੈਰਾਥਨ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ, ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਗੁਰੂ ਜੀ ਦੇ ਬਰਾਬਰੀ, ਭਾਈਚਾਰੇ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਅਮਲੀ ਰੂਪ ਵਿੱਚ ਅੱਗੇ ਤੋਰਨ ਦਾ ਸੰਕਲਪ ਲਿਆ।


ਇਸ ਦੌੜ ਵਿੱਚ ਸਕੂਲਾਂ ਅਤੇ ਖੇਡ ਸੈਂਟਰਾਂ ਦੇ ਕਰੀਬ 700 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੈਰਾਥਨ ਵਿੱਚ ਲੜਕਿਆਂ ਵਿੱਚੋਂ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਅਤੇ ਮੁਹੰਮਦ ਮੂਸਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਵਿੱਚੋਂ ਰਮਨਜੀਤ ਕੌਰ ਨੇ ਪਹਿਲਾ ਅਤੇ ਨਰੀਲਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਹਿਲੇ 100 ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਰੀਫਰੈਸ਼ਮੈਂਟ ਅਤੇ ਟੀ- ਸ਼ਰਟਾਂ ਵੰਡੀਆਂ ਗਈਆਂ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਇਨਸਾਨੀਅਤ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਗੁਰੂ ਜੀ ਦਾ ਸੰਦੇਸ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸਦੀਵੀ ਮਾਰਗਦਰਸ਼ਨ ਹੈ।

ਉਨ੍ਹਾਂ ਕਿਹਾ ਕਿ ‘ਬਰਾਬਰੀ ਲਈ ਦੌੜ’ ਸਿਰਫ਼ ਇੱਕ ਦੌੜ ਨਹੀਂ, ਬਲਕਿ ਸਮਾਜ ਵਿੱਚੋਂ ਵਿਤਕਰੇ ਦੀ ਸੋਚ ਨੂੰ ਖ਼ਤਮ ਕਰਨ ਅਤੇ ਬਰਾਬਰੀ, ਸਤਿਕਾਰ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਪ੍ਰਭਾਵਸ਼ਾਲੀ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ।

ਉਨ੍ਹਾਂ ‘ਬਰਾਬਰੀ ਲਈ ਦੌੜ’ ਵਿੱਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾ ਕੇ ਬਰਾਬਰੀ, ਨਿਆਂ ਅਤੇ ਭਾਈਚਾਰਕ ਸਾਂਝ ਵਾਲਾ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਡੀ.ਐਸ.ਪੀ ਮਾਨਵਜੀਤ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਜ਼ਿਲਾ ਖੇਡ ਅਫਸਰ ਕੁਲਦੀਪ ਚੁੱਘ, ਏ.ਕੇ.ਵਾਈ ਮੁਨਿਸ ਰਹਿਮਾਨ, ਮੁਹੰਮਦ ਹਨੀਫ, ਸੀਨੀਅਰ ਕੋਚ ਮੁਹੰਮਦ ਹਬੀਬ, ਕੋਚ ਹਰਪ੍ਰੀਤ ਸਿੰਘ, ਡੀ.ਐਮ ਸਪੋਰਟਸ ਵਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!