Uncategorized

ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਧਾਂਦਰਾ ਤੇ ਮਾਣਕਵਾਲ ਵਿੱਚ 9 ਅਣ-ਅਧਿਕਾਰਤ ਕਲੋਨੀਆਂ ਢਾਹੀਆਂ

ਲੁਧਿਆਣਾ, 4 ਸਤੰਬਰ ( ਸੂਤਰ )


ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ, ਪੀ.ਸੀ.ਐਸ. ਵੱਲੋਂ ਅਣ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵੱਲੋਂ ਜਾਰੀ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਵੀਰਵਾਰ ਨੂੰ ਪਿੰਡ ਧਾਂਦਰਾ ਅਤੇ ਮਾਣਕਵਾਲ ਵਿੱਚ ਕਾਰਵਾਈ ਕਰਦਿਆਂ 9 ਅਣ-ਅਧਿਕਾਰਤ ਕਲੋਨੀਆਂ ਵਿੱਚ ਬਣਾਈਆਂ ਸੜਕਾਂ, ਗੈਰ-ਕਾਨੂੰਨੀ ਨਿਰਮਾਣ ਅਤੇ ਹੋਰ ਢਾਂਚੇ ਢਾਹ ਦਿੱਤੇ। ਨੋਟਿਸ ਜਾਰੀ ਹੋਣ ਦੇ ਬਾਵਜੂਦ ਨਿਰਮਾਣ ਕਾਰਜ ਜਾਰੀ ਰੱਖਣ ਵਾਲੇ ਡਿਵੈਲਪਰਾਂ ਵਿਰੁੱਧ ਇਹ ਕਾਰਵਾਈ ਕੀਤੀ ਗਈ। ਮੁਹਿੰਮ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋਈ।

ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟਾਂ ਦਾ ਲਾਲਚ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਜਾਂ ਜਾਇਦਾਦ ਨਾ ਖਰੀਦਣ। ਅਜਿਹੀਆਂ ਕਲੋਨੀਆਂ ਵਿੱਚ ਗਲਾਡਾ ਵੱਲੋਂ ਪਾਣੀ, ਸੀਵਰੇਜ ਜਾਂ ਬਿਜਲੀ ਵਰਗੀਆਂ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਅਤੇ ਮਨਜ਼ੂਰਸ਼ੁਦਾ ਨਕਸ਼ੇ ਗਲਾਡਾ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹਨ, ਜਿਨ੍ਹਾਂ ਦੀ ਜਾਇਦਾਦ ਖਰੀਦਣ ਤੋਂ ਪਹਿਲਾਂ ਜਾਂਚ ਕਰਨੀ ਲਾਜ਼ਮੀ ਹੈ। ਮੁੱਖ ਪ੍ਰਸ਼ਾਸਕ ਗਲਾਡਾ ਨੇ ਸਪੱਸ਼ਟ ਕੀਤਾ ਕਿ ਢਾਹੁਣ ਦੀਆਂ ਮੁਹਿੰਮਾਂ ਦੇ ਨਾਲ-ਨਾਲ ਪੰਜਾਬ ਰੀਜਨਲ ਐਂਡ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ ਤਹਿਤ ਅਣ-ਅਧਿਕਾਰਤ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!