Uncategorized

‘ਹਮਾਰੇ ਰਾਮ’ ਨੂੰ ਹੁਸ਼ਿਆਰਪੁਰ ਵਿੱਚ ਮਿਲਿਆ ਭਰਪੂਰ ਜਨ ਸਮਰਥਨ

ਸੱਚ, ਧਰਮ, ਮਰਿਆਦਾ, ਤਿਆਗ, ਫਰਜ਼, ਕਰੁਣਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ ਭਗਵਾਨ ਸ੍ਰੀ ਰਾਮ ਦਾ ਜੀਵਨ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ, 6 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈ ਜਾ ਰਹੇ ਪ੍ਰਸਿੱਧ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ‘ਹਮਾਰੇ ਰਾਮ’ ਨੂੰ ਹੁਸ਼ਿਆਰਪੁਰ ਵਿੱਚ ਭਰਪੂਰ ਜਨ ਸਮਰਥਨ ਮਿਲਿਆ। ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਗਈ ਇਸ ਪੇਸ਼ਕਾਰੀ ਨੂੰ ਦੇਖਣ ਲਈ ਸ਼ਹਿਰ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।


ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੇਸ਼ਕਾਰੀ ਦੇ ਦੂਜੇ ਦਿਨ ਦਰਸ਼ਕਾਂ ਵਿਚਕਾਰ ਪਹੁੰਚ ਕੇ ‘ਹਮਾਰੇ ਰਾਮ’ ਨਾਟਕ ਦਾ ਆਨੰਦ ਮਾਣਿਆ। ਇਸ ਮੌਕੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਮੇਅਰ ਪ੍ਰਵੀਨ ਸੈਣੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇਸ ਤਰ੍ਹਾਂ ਦੀਆਂ ਉੱਚ ਪੱਧਰੀ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਸਿਰਫ਼ ਇੱਕ ਨਾਟਕ ਨਹੀਂ, ਸਗੋਂ ਭਾਰਤੀ ਸੰਸਕ੍ਰਿਤੀ, ਪਰੰਪਰਾ ਅਤੇ ਜੀਵਨ ਮੁੱਲਾਂ ਨੂੰ ਸਮਝਣ ਦਾ ਇੱਕ ਸੁੰਦਰ ਮਾਧਿਅਮ ਹੈ।

ਉਨ੍ਹਾਂ ਕਿਹਾ ਕਿ ਰਾਮਾਇਣ ਗਿਆਨ, ਸੰਸਕਾਰ ਅਤੇ ਜੀਵਨ ਯਾਤਰਾ ਦਾ ਸਦੀਵੀ ਸਰੋਤ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚ, ਧਰਮ, ਮਰਿਆਦਾ, ਤਿਆਗ, ਫਰਜ਼, ਕਰੁਣਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੇ ਸਿਧਾਂਤਾਂ ’ਤੇ ਕਾਇਮ ਰਹਿਣਾ ਅਤੇ ਰਿਸ਼ਤਿਆਂ ਤੇ ਜ਼ਿੰਮੇਵਾਰੀਆਂ ਦਾ ਸਨਮਾਨ ਕਰਨਾ ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਮਿਲਣ ਵਾਲੀ ਮਹੱਤਵਪੂਰਨ ਸਿੱਖਿਆ ਹੈ।

ਸਿਸੋਦੀਆ ਨੇ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਮਾਇਣ ਦੇ ਡੂੰਘੇ ਸੰਦੇਸ਼ ਨੂੰ ਸਮਝਣ ਅਤੇ ਇਸ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਵੀ ਭਗਵਾਨ ਸ੍ਰੀ ਰਾਮ ਦੇ ਆਦਰਸ਼ ਉਨੇ ਹੀ ਪ੍ਰਸੰਗਿਕ ਹਨ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਉਨ੍ਹਾਂ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ. ਭੁੱਚਰ, ਤਰੁਣ ਖੰਨਾ ਸਮੇਤ ਪੂਰੀ ਕਲਾਕਾਰ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾਕਾਰਾਂ ਨੇ ਆਪਣੀ ਦਮਦਾਰ ਅਦਾਕਾਰੀ ਰਾਹੀਂ ਰਾਮਾਇਣ ਦੇ ਪ੍ਰਸੰਗਾਂ ਅਤੇ ਭਗਵਾਨ ਸ੍ਰੀ ਰਾਮ ਦੇ ਚਰਿੱਤਰ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਸਮੇਤ ਵੱਖ-ਵੱਖ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!