Uncategorized

ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੋਕਸੋ ਐਕਟ ਸਬੰਧੀ ਕੀਤਾ ਜਾਗਰੂਕ

ਬੱਚਿਆਂ ਨੂੰ ਆਪਣੇ ਅਧਿਕਾਰਾਂ, ਸੁਰੱਖਿਆ ਅਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਬਾਰੇ ਦਿੱਤੀ ਜਾਣਕਾਰੀ

ਮਾਲੇਰਕੋਟਲਾ, 11 ਸਤੰਬਰ ( ਸੂਤਰ )


ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ 7ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ, ਖ਼ਾਸ ਕਰਕੇ ਲੜਕਿਆਂ ਨੂੰ ਪੋਕਸੋ ਐਕਟ (Protection of Children from Sexual Offences Act, 2012) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਜਾਗਰੂਕਤਾ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪੋਕਸੋ ਐਕਟ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਇਆ ਗਿਆ ਕਾਨੂੰਨ ਹੈ। ਉਨ੍ਹਾਂ ਨੂੰ ਐਕਟ ਦੀਆਂ ਮੁੱਖ ਵਿਵਸਥਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਲੜਕਿਆਂ ਨੂੰ ਵਿਸ਼ੇਸ਼ ਤੌਰ ’ਤੇ ਸਮਝਾਇਆ ਗਿਆ ਕਿ ਹਰੇਕ ਵਿਅਕਤੀ ਨੂੰ ਦੂਜਿਆਂ ਦੀ ਨਿੱਜਤਾ, ਸਨਮਾਨ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕਿਸੇ ਵੀ ਬੱਚੇ ਨਾਲ ਅਣਉਚਿਤ ਵਿਹਾਰ ਕਰਨਾ ਗੰਭੀਰ ਕਾਨੂੰਨੀ ਮਾਮਲਾ ਬਣ ਸਕਦਾ ਹੈ। ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਉਨ੍ਹਾਂ ਨਾਲ ਜਾਂ ਉਨ੍ਹਾਂ ਦੇ ਕਿਸੇ ਜਾਣਕਾਰ ਬੱਚੇ ਨਾਲ ਕੋਈ ਅਣਉਚਿਤ ਘਟਨਾ ਵਾਪਰਦੀ ਹੈ ਤਾਂ ਚੁੱਪ ਰਹਿਣ ਦੀ ਬਜਾਏ ਮਾਪਿਆਂ, ਅਧਿਆਪਕਾਂ ਜਾਂ ਕਿਸੇ ਭਰੋਸੇਯੋਗ ਬਾਲ ਸੁਰੱਖਿਆ ਅਧਿਕਾਰੀ ਨੂੰ ਇਸ ਸਬੰਧੀ ਜਾਣਕਾਰੀ ਦੇਣੀ ਚਾਹੀਦੀ ਹੈ। ਬੱਚਿਆਂ ਦੀ ਸੁਰੱਖਿਆ ਲਈ ਸਮੇਂ ਸਿਰ ਸਹੀ ਜਾਣਕਾਰੀ ਅਤੇ ਲੋੜੀਂਦੀ ਸਹਾਇਤਾ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਨ ਹੈ।

ਇਸ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਭਰੋਸੇਮੰਦ ਮਾਹੌਲ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਪਰਿਵਾਰ ਦੀ ਨਹੀਂ, ਸਗੋਂ ਸਕੂਲ, ਸਮਾਜ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!