Uncategorized

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੀ ਹਫ਼ਤਾਵਾਰੀ ਰਿਵਿਊ ਮੀਟਿੰਗ ਆਯੋਜਿਤ

ਵਪਾਰੀਆਂ ਦੇ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਲਈ ਪੀ.ਐਸ.ਪੀ.ਸੀ.ਐਲ. ਅਤੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤਾਂ

ਮਾਲੇਰਕੋਟਲਾ 17 ਸਤੰਬਰ ( ਸੂਤਰ )


ਵਪਾਰੀਆਂ ਨਾਲ ਸਿੱਧਾ ਸੰਪਰਕ ਕਾਇਮ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਹਫ਼ਤਾਵਾਰੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਅਤੇ ਲੰਬਿਤ ਸ਼ਿਕਾਇਤਾਂ ਦੀ ਪ੍ਰਗਤੀ ਦਾ ਵਿਭਾਗਵਾਰ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਵਪਾਰੀਆਂ ਨਾਲ ਸਬੰਧਤ ਬਿਜਲੀ ਅਤੇ ਨਗਰ ਕੌਂਸਲ ਦੇ ਮਾਮਲਿਆਂ ’ਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਰੇਕ ਜਾਇਜ਼ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਯਮਾਂ ਅਨੁਸਾਰ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਅਤੇ ਜਿੱਥੇ ਇੱਕ ਤੋਂ ਵੱਧ ਵਿਭਾਗਾਂ ਦੀ ਕਾਰਵਾਈ ਲੋੜੀਂਦੀ ਹੋਵੇ, ਉੱਥੇ ਆਪਸੀ ਤਾਲਮੇਲ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਅਤੇ ਵਪਾਰੀ ਵਰਗ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।

ਇਸ ਮੌਕੇ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇਮਤਿਆਜ਼ ਅਲੀ ਬਾਬੂ ਨੇ ਕਿਹਾ ਕਿ ਹਫ਼ਤਾਵਾਰੀ ਰਿਵਿਊ ਮੀਟਿੰਗਾਂ ਨਾਲ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਸੰਵਾਦ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਮਸਲਿਆਂ ਦੀ ਨਿਯਮਤ ਸਮੀਖਿਆ ਅਤੇ ਸਬੰਧਤ ਵਿਭਾਗਾਂ ਨੂੰ ਮੌਕੇ ’ਤੇ ਦਿਸ਼ਾ-ਨਿਰਦੇਸ਼ ਜਾਰੀ ਹੋਣ ਨਾਲ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ , ਐਸ.ਡੀ.ਓ ਪੀ.ਐਸ.ਪੀ.ਸੀ.ਐਲ ਇੰਜ.ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!