ਫੀਸ ਰੈਗੂਲੇਟਰੀ ਕਮਿਸ਼ਨ ਦੀ ਬਰਨਾਲਾ ਇਕਾਈ ਦੀ ਮੀਟਿੰਗ ਦੌਰਾਨ ਸਕੂਲੀ ਫੀਸਾਂ ਸਬੰਧੀ ਵਿਚਾਰ-ਵਟਾਂਦਰਾ

ਬਰਨਾਲਾ 17 ਸਿਤੰਬਰ ( ਸੂਤਰ )

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਫੀਸਾਂ ਦੇ ਸਬੰਧ ਵਿੱਚ ਸਥਾਪਿਤ ਫੀਸ ਰੈਗੂਲੇਟਰੀ ਕਮਿਸ਼ਨ (ਪੰਜਾਬ) ਦੀ ਜ਼ਿਲ੍ਹਾ ਬਰਨਾਲਾ ਇਕਾਈ ਦੀ ਇੱਕ ਅਹਿਮ ਮੀਟਿੰਗ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਵਿਖੇ ਹੋਈ।

ਇਸ ਮੀਟਿੰਗ ਵਿਚ ਪੰਜਾਬ ਫੀਸ ਰੈਗੂਲੇਟਰੀ ਕਮਿਸ਼ਨ ਦੀ ਬਰਨਾਲਾ ਇਕਾਈ ਦੇ ਮੈਂਬਰ ਅਤੇ ਚੇਅਰਮੈਨ ਹੈਲਥ ਕਮੇਟੀ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਜਗਸੀਰ ਸਿੰਘ ਚੀਮਾ, ਕਮਿਸ਼ਨ ਦੇ ਮੈਂਬਰ ਸ. ਬਲਵਿੰਦਰ ਸਿੰਘ ਸੇਖੋਂ ਸਮੇਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਇੰਦੂ ਸਿਮਕ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਕਮੇਟੀ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਨੂੰ ਮੁੱਖ ਤਰਜੀਹ ਦਿੰਦਿਆਂ ਸਕੂਲੀ ਫੀਸਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਅਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਓਹਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਵਸੂਲੀਆਂ ਜਾਣ ਵਾਲੀਆਂ ਫੀਸਾਂ ਦਾ ਡਾਟਾ ਇਕੱਤਰ ਕਰਕੇ ਐਕਟ ਅਨੁਸਾਰ ਘੋਖਿਆ ਜਾ ਰਿਹਾ ਹੈ।
ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਮਾਮਲਿਆਂ ਨੂੰ ਨਿਯਮਾਂ ਅਨੁਸਾਰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।




