Uncategorized

ਧੁੰਦ ਦੇ ਮੌਸਮ ’ਚ ਸੜਕ ਸੁਰੱਖਿਆ ਮਜ਼ਬੂਤ ਕਰਨ ਲਈ ਜ਼ਿਲ੍ਹੇ ’ਚ ਬਲੈਕ ਸਪੌਟਾਂ ਦੀ ਪਛਾਣ ਕਰਕੇ ਤੁਰੰਤ ਸੁਧਾਰ ਕਰਨ ਦੀਆਂ ਹਦਾਇਤਾਂ ਜਾਰੀ

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸੜਕ ਦੁਰਘਟਨਾਵਾਂ ਰੋਕਣ ਲਈ ਵਿਸਤ੍ਰਿਤ ਐਕਸ਼ਨ ਪਲਾਨ ਉਲੀਕਕੇ ਲਾਗੂ ਕਰਨ ਦੇ ਨਿਰਦੇਸ਼

ਮਾਲੇਰਕੋਟਲਾ, 14 ਜਨਵਰੀ ( ਸੂਤਰ ) ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕੀਮਤੀ ਜਾਨਾਂ ਦੀ ਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਦੁਰਘਟਨਾਵਾਂ ਸੰਭਾਵੀ ਬਲੈਕ ਸਪੌਟਾਂ ਦੀ ਪਛਾਣ ਕਰਕੇ ਉਥੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜਨਵਰੀ 2025 ਨੂੰ “ਕੌਮੀ ਸੜਕ ਸੁਰੱਖਿਆ ਮਹੀਨਾ” ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮਾਂ, ਸੈਮੀਨਾਰ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੜਕ ਸੁਰੱਖਿਆ ਕੇਵਲ ਇੱਕ ਵਿਭਾਗ ਦੀ ਨਹੀਂ, ਸਗੋਂ ਸਮੂਹ ਵਿਭਾਗਾਂ ਅਤੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਮੈਦਾਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਗਲਤ ਤਰੀਕੇ ਨਾਲ ਵਾਹਨ ਪਾਰਕ ਕਰਨ ਵਾਲਿਆਂ, ਓਵਰਸਪੀਡ, ਡ੍ਰਿੰਕ ਐਂਡ ਡਰਾਈਵ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ “ਸੇਫ ਸਕੂਲ ਵਾਹਨ ਪਾਲਸੀ” ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਖ਼ਿਲਾਫ਼ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

ਸਿਹਤ ਵਿਭਾਗ ਨੂੰ ਟਰੱਕ ਯੂਨੀਅਨਾਂ, ਸਕੂਲੀ ਡਰਾਈਵਰਾਂ ਅਤੇ ਵਪਾਰਕ ਵਾਹਨ ਚਾਲਕਾਂ ਲਈ ਨਿਯਮਿਤ ਮੈਡੀਕਲ ਚੈਕਅੱਪ ਕੈਂਪ ਲਗਾਉਣ ਦੇ ਹੁਕਮ ਦਿੱਤੇ ਗਏ, ਜਦਕਿ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਸੜਕਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਰਿਫਲੈਕਟਰ, ਕੈਟ-ਆਈਜ਼ ਅਤੇ ਢੁਕਵੇਂ ਸੰਕੇਤਕ ਬੋਰਡ ਲਗਾਉਣ ਅਤੇ ਸੜਕਾਂ ਦੀ ਮਾਰਕਿੰਗ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਮੂਹ ਟਰੈਫਿਕ ਲਾਈਟਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਹਾਲਤ ਵਿੱਚ ਰੱਖਣ ਦੀ ਵੀ ਹਦਾਇਤ ਦਿੱਤੀ ਗਈ।

ਇਸ ਮੌਕੇ ਆਰ.ਟੀ.ਓ-ਕਮ-ਐਸ.ਡੀ.ਐਮ ਮਾਲੇਰਕੋਟਲਾ, ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ “ਹਿੱਟ ਐਂਡ ਰਨ” ਸਕੀਮ, ਈ-ਡੀ.ਏ.ਆਰ (e-DAR) ਪੋਰਟਲ ਅਤੇ ਪੀੜਤਾਂ ਲਈ ਸਰਕਾਰੀ ਮਦਦ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਮੀਟਿੰਗ ਵਿੱਚ ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਗੈਰ-ਸਰਕਾਰੀ ਮੈਂਬਰ ਵਿਪਨ ਗੋਇਲ ਅਤੇ ਮੁਹੰਮਦ ਤਾਹਿਰ, ਜ਼ਿਲ੍ਹਾ ਸਿਹਤ ਅਫਸਰ ਡਾ. ਪੁਨਿਤ ਸਿੱਧੂ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਸਿੱਖਿਆ ਅਫਸਰ (ਸੈਕੰਡਰੀ) ਮਨਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ, ਚੀਫ ਇੰਸਪੈਕਟਰ ਰੋਡਵੇਜ਼ ਗੁਰਬਖ਼ਸ਼ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।#highlight #dc #DPRO #PunjabiNews #mycitymynews #currentnews #latestnewsupdate #aamjanta #latestnews #viralnews #dcmalerkotla

Related Articles

Leave a Reply

Your email address will not be published. Required fields are marked *

Back to top button
error: Content is protected !!